ਸ਼੍ਰੋਮਣੀ ਕਮੇਟੀ ਚੋਣਾਂ ਛੇਤੀ ਕਰਾਈਆਂ ਜਾਣ: ਹਰਪ੍ਰੀਤ ਸਿੰਘ
ਜਗਤਾਰ ਸਿੰਘ ਲਾਂਬਾ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਅੱਜ ਜਥੇਬੰਦੀ ਦਾ ਮੁੱਖ ਦਫ਼ਤਰ ਅੰਮ੍ਰਿਤਸਰ ਵਿੱਚ ਸਥਾਪਤ ਕਰ ਲਿਆ ਹੈ। ਇੱਥੇ ਬੱਸ ਅੱਡੇ ਨੇੜੇ ਸਿਟੀ ਸੈਂਟਰ ਖੇਤਰ ਵਿੱਚ ਖੋਲ੍ਹੇ ਗਏ ਦਫ਼ਤਰ ਦੀ ਆਰੰਭਤਾ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਅਪੀਲ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਤੇ ਸੰਗਤ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪਿਛਲੇ ਕਈ ਸਾਲਾਂ ਤੋਂ ਗੁਰਦੁਆਰਾ ਚੋਣਾਂ ਨਾ ਕਰਵਾ ਕੇ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਪਰਿਵਾਰ ਦਾ ਪੱਖ ਪੂਰ ਰਹੀ ਹੈ। ਉਨ੍ਹਾਂ ਹਰਿਆਣਾ ਦੇ ਮੈਂਬਰਾਂ ਵੱਲੋਂ ਸ਼੍ਰੋਮਣੀ ਕਮੇਟੀ ਵਿੱਚ ਅਹੁਦੇਦਾਰੀਆਂ ਮਾਨਣ ਨੂੰ ਕਾਨੂੰਨ ਦੀ ਉਲੰਘਣਾ ਕਰਾਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਗੁਰਦੁਆਰਾ ਐਕਟ ਵਿੱਚ ਸੋਧ ਕਰਕੇ ਇਸ ਨੂੰ ਪਹਿਲਾਂ ਵਾਂਗ ਪੰਜਾਬ ਅਧੀਨ ਲਿਆਂਦਾ ਜਾਵੇ।
ਉਨ੍ਹਾਂ ਕਿਹਾ ਕਿ 2 ਦਸੰਬਰ 2024 ਦੇ ਹੁਕਮਨਾਮੇ ਦੀ ਰੌਸ਼ਨੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਪੁਨਰ ਸੁਰਜੀਤ ਕੀਤਾ ਗਿਆ ਸੀ ਅਤੇ ਅੱਜ ਇਸ ਦੀ ਪਹਿਲੀ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਤੋਂ ਦਫ਼ਤਰ ਸ਼ੁਰੂ ਕਰ ਕੇ ਵਾਅਦਾ ਪੂਰਾ ਕੀਤਾ ਗਿਆ ਹੈ। ਇਸ ਮੌਕੇ ਗੁਰਪ੍ਰਤਾਪ ਸਿੰਘ ਵਡਾਲਾ, ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਛੋਟੇਪੁਰ, ਗੋਬਿੰਦ ਸਿੰਘ ਲੌਂਗੋਵਾਲ, ਭਾਈ ਮਨਜੀਤ ਸਿੰਘ ਸਮੇਤ ਕਈ ਹੋਰ ਸੀਨੀਅਰ ਆਗੂ ਹਾਜ਼ਰ ਸਨ।
