ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ
ਤਖ਼ਤਾਂ ਦੀ ਮਰਿਆਦਾ ਨੂੰ ਹੋਰ ਵਧੇਰੇ ਸੁਚਾਰੂ ਅਤੇ ਸਪੱਸ਼ਟ ਬਣਾਉਣ ਦੇ ਮੁੱਦੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ ਪੰਜ ਅਗਸਤ ਨੂੰ ਇੱਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸਮੂਹ ਕਮੇਟੀ ਮੈਂਬਰਾਂ ਦਾ ਜਨਰਲ ਇਜਲਾਸ ਸੱਦਿਆ ਗਿਆ ਹੈ। ਬਾਅਦ ਦੁਪਹਿਰ ਲਗਪਗ ਇੱਕ ਵਜੇ ਸ਼ੁਰੂ ਹੋਣ ਵਾਲੇ ਇਸ ਜਨਰਲ ਇਜਲਾਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਇਨ੍ਹਾਂ ਤੋਂ ਇਲਾਵਾ ਤਖਤਾਂ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰ ਵੀ ਸ਼ਾਮਲ ਹੋਣਗੇ। ਉਂਜ ਤਾਂ ਇਹ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਇੱਕ ਨੁਕਾਤੀ ਏਜੰਡੇ ‘ਤਖਤਾਂ ਦੀ ਮਰਿਆਦਾ’ ਵਿਸ਼ੇ ’ਤੇ ਸੱਦਿਆ ਗਿਆ ਹੈ, ਪਰ ਇਸ ਵਿੱਚ ਪ੍ਰਧਾਨ ਦੀ ਪ੍ਰਵਾਨਗੀ ਨਾਲ ਹੋਰ ਮੁੱਦੇ ਵੀ ਵਿਚਾਰੇ ਜਾ ਸਕਦੇ ਹਨ। ਭਾਵੇਂ ਅਕਾਲ ਤਖ਼ਤ ਅਤੇ ਤਖ਼ਤ ਪਟਨਾ ਸਾਹਿਬ ਦੇ ਜਥੇਦਾਰਾਂ ਵਿਚਾਲੇ ਵਿਵਾਦ ਹੁਣ ਹੱਲ ਹੋ ਚੁੱਕਾ ਹੈ ਪਰ ਤਖਤਾਂ ਦੇ ਜਥੇਦਾਰਾਂ ਦੇ ਅਧਿਕਾਰ ਖੇਤਰ ਨੂੰ ਪਰਿਭਾਸ਼ਿਤ ਕਰਨ ਅਤੇ ਸਪੱਸ਼ਟ ਕਰਨ ਦੇ ਉਦੇਸ਼ ਨਾਲ ਵਿਚਾਰ-ਚਰਚਾ ਹੋਵੇਗੀ ਅਤੇ ਇਸ ਬਾਰੇ ਮੰਥਨ ਵੀ ਕੀਤਾ ਜਾਵੇਗਾ। ਹਾਲ ਹੀ ਵਿੱਚ ਜਦੋਂ ਦੋਵਾਂ ਤਖ਼ਤਾਂ ਦੇ ਜਥੇਦਾਰਾਂ ਵਿਚਾਲੇ ਵਿਵਾਦ ਪੈਦਾ ਹੋਇਆ ਸੀ, ਤਾਂ ਉਸ ਵੇਲੇ ਅਧਿਕਾਰ ਖੇਤਰ ਨੂੰ ਲੈ ਕੇ ਪ੍ਰਸ਼ਨ ਚਿੰਨ ਲੱਗਾ ਸੀ। ਤਖ਼ਤ ਪਟਨਾ ਸਾਹਿਬ ਦੇ ਜਥੇਦਾਰਾਂ ਅਤੇ ਪੰਜ ਪਿਆਰਿਆਂ ਵੱਲੋਂ ਜਾਰੀ ਕੀਤੇ ਗਏ ਹੁਕਮਨਾਮੇ ’ਤੇ ਪ੍ਰਸ਼ਨ ਚਿੰਨ ਲਾਇਆ ਗਿਆ ਸੀ ਕਿ ਇਹ ਮਾਮਲਾ ਉਨ੍ਹਾਂ ਦੇ ਅਧਿਕਾਰ ਖੇਤਰ ਹੇਠ ਨਹੀਂ ਆਉਂਦਾ। ਉਹ ਸਿਰਫ ਸਥਾਨਕ ਮੁੱਦੇ ਹੀ ਵਿਚਾਰ ਸਕਦੇ ਹਨ, ਜਦਕਿ ਦੂਜੇ ਪਾਸੇ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਦੋਸ਼ ਲਾਇਆ ਸੀ ਕਿ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਤਖ਼ਤ ਦੇ ਮਾਮਲੇ ਵਿੱਚ ਬੇਲੋੜੀ ਦਖਲਅੰਦਾਜ਼ੀ ਕੀਤੀ ਗਈ। ਇਸ ਸਬੰਧੀ ਦੋਵਾਂ ਤਖ਼ਤਾਂ ਦੇ ਜਥੇਦਾਰਾਂ ਨੇ ਇੱਕ-ਦੂਜੇ ਖ਼ਿਲਾਫ਼ ਹੁਕਮਨਾਮੇ ਜਾਰੀ ਕੀਤੇ ਸਨ।