ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 27 ਅਕਤੂਬਰ
ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਰਕਾਰ ਕੋਲੋਂ ਮੰਗ ਕੀਤੀ ਜਾ ਰਹੀ ਹੈ ਕਿ ਸਿੱਖ ਸ਼ਰਧਾਲੂਆਂ ਦੇ ਕੱਟੇ ਗਏ ਵੀਜ਼ੇ ਦਿੱਤੇ ਜਾਣ ਪਰ ਹੁਣ ਤਕ ਵੀਜ਼ੇ ਨਾ ਮਿਲਣ ਕਾਰਨ ਦੁਬਿਧਾ ਵਾਲੀ ਸਥਿਤੀ ਬਣੀ ਹੋਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭਲਕੇ 28 ਅਕਤੂਬਰ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਲਈ ਰਵਾਨਾ ਹੋਣਾ ਹੈ ਜਿੱਥੇ 30 ਅਕਤੂਬਰ ਨੂੰ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦਾ ਮੁੱਖ ਸਮਾਗਮ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ 157 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਗਏ ਸਨ ਪਰ ਪਾਕਿਸਤਾਨੀ ਸਫ਼ਾਰਤਖਾਨੇ ਵੱਲੋਂ 40 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਦਿੱਤੇ ਗਏ ਜਿਨ੍ਹਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ, ਰਾਗੀ ਸਿੰਘ ਤੇ ਹੋਰ ਪ੍ਰਬੰਧਕ ਵੀ ਸ਼ਾਮਲ ਹਨ। ਇਸ ਬਾਰੇ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਸੀ ਕਿ ਸ਼੍ਰੋਮਣੀ ਕਮੇਟੀ ਨੇ ਇਹ ਮਾਮਲਾ ਪੀਜੀਪੀਸੀ ਦੇ ਸਾਬਕਾ ਪ੍ਰਧਾਨ ਸਤਵੰਤ ਸਿੰਘ ਕੋਲ ਰੱਖਿਆ ਸੀ ਜਿਨ੍ਹਾਂ ਪਾਕਿਸਤਾਨੀ ਸਰਕਾਰ ਦੇ ਅਧਿਕਾਰੀਆਂ ਨਾਲ ਗੱਲਬਾਤ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੂੰ ਆਖਿਆ ਸੀ ਕਿ ਉਹ ਰੱਦ ਕੀਤੇ ਗਏ ਪਾਸਪੋਰਟ ਲੈ ਕੇ ਦਿੱਲੀ ਸਥਿਤ ਪਾਕਿਸਤਾਨੀ ਸਫਾਰਤਖਾਨੇ ਦੇ ਦਫਤਰ ਪੁੱਜਣ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਮੁੜ ਪਾਕਿਸਤਾਨੀ ਸਫ਼ਾਰਤਖਾਨੇ ਗਏ ਹਨ ਪਰ ਹੁਣ ਤੱਕ ਕੋਈ ਜਵਾਬ ਨਹੀਂ ਆਇਆ।