ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 28 ਅਪਰੈਲ
ਸ੍ਰੀ ਦਰਬਾਰ ਸਾਹਿਬ ’ਚ ਹੁੰਦੇ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਸਿੱਖ ਸੰਸਥਾ ਵੱਲੋਂ ਆਪਣੇ ਵੈੱਬ ਚੈਨਲ ’ਤੇ ਸ਼ੁਰੂ ਕਰਨ ਸਬੰਧੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਗਏ ਹੁਕਮ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਫਿਲਹਾਲ ਸ਼੍ਰੋਮਣੀ ਕਮੇਟੀ ਪੱਛੜਦੀ ਦਿਖਾਈ ਦੇ ਰਹੀ ਹੈ। ਫਿਲਹਾਲ ਕੀਰਤਨ ਦਾ ਸਿੱਧਾ ਪ੍ਰਸਾਰਨ ਇਕ ਨਿੱਜੀ ਚੈਨਲ ਵੱਲੋਂ ਕੀਤਾ ਜਾ ਰਿਹਾ ਹੈ, ਜਿਸ ਦੇ ਪ੍ਰਬੰਧਕਾਂ ’ਤੇ ਗੰਭੀਰ ਦੋਸ਼ ਲੱਗੇ ਹਨ। ਇਹ ਦੋਸ਼ ਲੱਗਣ ਮਗਰੋਂ ਸਿੱਖ ਸੰਗਤ ਵੱਲੋਂ ਮੰਗ ਕੀਤੀ ਗਈ ਹੈ ਕਿ ਨਿੱਜੀ ਚੈਨਲ ਰਾਹੀਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਬੰਦ ਕੀਤਾ ਜਾਵੇ।
ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਅੱਠ ਅਪਰੈਲ ਨੂੰ ਲਿਖਤੀ ਰੂਪ ਵਿੱਚ ਸ਼੍ਰੋਮਣੀ ਕਮੇਟੀ ਨੂੰ ਆਪਣਾ ਚੈਨਲ ਸ਼ੁਰੂ ਕਰਨ ਲਈ ਕਿਹਾ ਸੀ ਤੇ ਨਿੱਜੀ ਚੈਨਲ ਸ਼ੁਰੂ ਹੋਣ ਤੱਕ ਇਹ ਪ੍ਰਸਾਰਨ ਸ਼੍ਰੋਮਣੀ ਕਮੇਟੀ ਨੂੰ ਆਪਣੇ ਵੈੱਬ ਚੈਨਲ ਰਾਹੀਂ ਕਰਨ ਲਈ ਕਿਹਾ ਗਿਆ ਸੀ। ਇਸ ਕੰਮ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਕ ਹਫ਼ਤੇ ਦਾ ਸਮਾਂ ਮੰਗਿਆ ਗਿਆ ਸੀ। ਅੱਜ ਇਸ ਹੁਕਮ ਤੋਂ ਬਾਅਦ ਕਈ ਦਿਨ ਬੀਤ ਜਾਣ ’ਤੇ ਵੀ ਹਾਲੇ ਸ਼੍ਰੋਮਣੀ ਕਮੇਟੀ ਵੈੱਬ ਚੈਨਲ ਰਾਹੀਂ ਗੁਰਬਾਣੀ ਕੀਰਤਨ ਦਾ ਪ੍ਰਸਾਰਨ ਆਰੰਭ ਨਹੀਂ ਸਕੀ ਹੈ।
ਸ਼੍ਰੋਮਣੀ ਕਮੇਟੀ ਦੇ ਸਦਨ ਵਿੱਚ ਵਿਰੋਧੀ ਧਿਰ ਦੇ ਕੁਝ ਮੈਂਬਰਾਂ ਵੱਲੋਂ ਇਹ ਮਾਮਲਾ ਬੀਤੇ ਦਿਨ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਉਭਾਰਿਆ ਗਿਆ ਸੀ। ਇਸ ਸਬੰਧੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਨੇ ਪ੍ਰਧਾਨ ਨੂੰ ਇਕ ਪੱਤਰ ਵੀ ਭੇਜਿਆ ਹੈ।
ਇਸ ਸਬੰਧੀ ਤਕਨੀਕੀ ਤੇ ਕਾਨੂੰਨੀ ਪੱਖਾਂ ਨੂੰ ਵੀ ਘੋਖਿਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਗੁਰਬਾਣੀ ਦੇ ਪ੍ਰਸਾਰਨ ਲਈ ਨਿੱਜੀ ਚੈਨਲ ਨਾਲ ਕੀਤੇ ਸਮਝੌਤੇ ਤਹਿਤ ਇਹ ਸਮਝੌਤਾ ਫਰਵਰੀ 2023 ਤੱਕ ਲਾਗੂ ਹੈ। ਇਸ ਦੌਰਾਨ ਵੈੱਬ ਚੈਨਲ ਸ਼ੁਰੂ ਕਰਨ ਲਈ ਬਣਾਈ ਸਬ-ਕਮੇਟੀ ਮੈਂਬਰ ਨੇ ਦੱਸਿਆ ਕਿ ਇਸ ਕਮੇਟੀ ਵੱਲੋਂ ਇਸ ਖੇਤਰ ਦੇ ਮਾਹਿਰਾਂ ਨਾਲ ਇੱਕ-ਦੋ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਕੰਮ ਸ਼੍ਰੋਮਣੀ ਕਮੇਟੀ ਲਈ ਤਕਨੀਕੀ ਪੱਖੋਂ ਨਵਾਂ ਹੈ, ਇਸ ਲਈ ਤਕਨੀਕੀ ਮਾਹਿਰਾਂ ਦੀ ਰਾਏ ਲਈ ਜਾ ਰਹੀ ਹੈ।
ਕਮੇਟੀ ਦੀ ਰਿਪੋਰਟ ਮਿਲਣ ਮਗਰੋਂ ਕਾਰਵਾਈ ਆਰੰਭ ਦਿੱਤੀ ਜਾਵੇਗੀ: ਧਾਮੀ
ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਨੇ ਇਸ ਵੈੱਬ ਚੈਨਲ ਨੂੰ ਸ਼ੁਰੂ ਕਰਨ ਲਈ ਇੱਕ ਪੰਜ ਮੈਂਬਰੀ ਕਮੇਟੀ ਬਣਾਈ ਹੋਈ ਹੈ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਮੋਹਨ ਸਿੰਘ ਬੰਗੀ, ਕੁਲਵੰਤ ਸਿੰਘ ਮੰਨਣ, ਗੁਰਚਰਨ ਸਿੰਘ ਗਰੇਵਾਲ ਅਤੇ ਸਰਵਣ ਸਿੰਘ ਕੁਲਾਰ ਸ਼ਾਮਲ ਹਨ। ਇਹ ਕਮੇਟੀ ਜਿਵੇਂ ਹੀ ਆਪਣੀ ਰਿਪੋਰਟ ਦੇਵੇਗੀ, ਉਸ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।