ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 28 ਅਪਰੈਲ
ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਲਗਪਗ ਤਿੰਨ ਦਹਾਕਿਆਂ ਤੋਂ ਨਜ਼ਰਬੰਦ ਬਲਵੰਤ ਸਿੰਘ ਰਾਜੋਆਣਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਤੇ ਜਗਤਾਰ ਸਿੰਘ ਹਵਾਰਾ ਸਮੇਤ ਹੋਰ ਬੰਦੀ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅੱਜ ਅਖੰਡ ਪਾਠ ਦਾ ਆਰੰਭ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਅਤੇ ਪੰਥਕ ਜਥੇਬੰਦੀਆਂ ਲੰਮੇ ਸਮੇਂ ਤੋਂ ਕੇਂਦਰ ਤੇ ਸੂਬਾ ਸਰਕਾਰਾਂ ਸਾਹਮਣੇ ਇਨ੍ਹਾਂ ਸਿੱਖਾਂ ਦੀ ਰਿਹਾਈ ਲਈ ਆਵਾਜ਼ ਉਠਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਜਨਰਲ ਇਜਲਾਸਾਂ ਦੌਰਾਨ ਵੀ ਇਸ ਸਬੰਧੀ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ਭੇਜਿਆ ਗਿਆ, ਪਰ ਕਰੀਬ ਤਿੰਨ ਦਹਾਕਿਆਂ ਮਗਰੋਂ ਕੇਂਦਰ ਸਰਕਾਰ ਵੱਲੋਂ ਬੰਦੀ ਸਿੱਖਾਂ ਨੂੰ ਰਿਹਾਅ ਕਰਨ ਦੇ ਕੀਤੇ ਐਲਾਨ ਤੋਂ ਬਾਅਦ ਵੀ ਇਹ ਕਾਰਵਾਈ ਮੁਕੰਮਲ ਨਹੀਂ ਹੋਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਸ਼ੀਲ ਰਹੀ ਹੈ ਤੇ ਇਸੇ ਤਹਿਤ ਹੀ ਅੱਜ ਗੁਰਦੁਆਰਾ ਮੰਜੀ ਸਾਹਿਬ ਵਿੱਚ ਅਖੰਡ ਪਾਠ ਦਾ ਆਰੰਭ ਕੀਤਾ ਗਿਆ ਹੈ, ਜਿਸ ਦਾ ਭੋਗ 30 ਅਪਰੈਲ ਨੂੰ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭੋਗ ਮਗਰੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਜਾਵੇਗੀ। ਅੱਜ ਦੇ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ ਮੌਜੂਦ ਸਨ।