ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਾਮ ਸਿੰਘ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਠੀਕ ਨਹੀਂ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਹੋਰਨਾਂ ਨੇ ਉਨ੍ਹਾਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਸਿੰਘ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕਰਦਿਆਂ ਵਿੱਛੜੀ ਰੂਹ ਦੀ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।
ਐਡਵੋਕੇਟ ਧਾਮੀ ਨੇ ਰਾਮ ਸਿੰਘ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਨਿਮਰ ਸੁਭਾਅ ਵਾਲੇ ਚੰਗੇ ਇਨਸਾਨ ਸਨ, ਜਿਨ੍ਹਾਂ ਨੇ ਹਮੇਸ਼ਾ ਪੰਥਕ ਸਰੋਕਾਰਾਂ ਨੂੰ ਪਹਿਲ ਦਿੱਤੀ। ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਲੰਮਾ ਸਮਾਂ ਸੇਵਾਵਾਂ ਨਿਭਾਈਆਂ ਤੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਕਾਰਜਾਂ ਵਿੱਚ ਯੋਗਦਾਨ ਪਾਇਆ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਰਾਮ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਰਾਮ ਸਿੰਘ ਦੇ ਦੇਹਾਂਤ ’ਤੇ ਪਰਿਵਾਰ ਨਾਲ ਦੁੱਖ ਵੰਡਾਇਆ। ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਵੀ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ।