ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਅਗਸਤ
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਸਬੰਧਤ ਆਗੂਆਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਝੂੰਦਾਂ ਕਮੇਟੀ ਦੀ ਰਿਪੋਰਟ ਜਨਤਕ ਕਰਨ ਜਾਂ ਫ਼ਿਰ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਸਹੁੰ ਚੁੱਕਣ ਕਿ ਰਿਪੋਰਟ ’ਚ ਅਕਾਲੀ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਬਦਲਣ ਦੀ ਮੰਗ ਕੀਤੀ ਸੀ ਪਰ ਇਸ ਮੰਗ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਇਸ ਦੇ ਕਾਰਨ ਸਪੱਸ਼ਟ ਕੀਤੇ ਜਾਣ। ਆਗੂਆਂ ਨੇ ਦਾਅਵਾ ਕੀਤਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਇਕਬਾਲ ਸਿੰਘ ਝੂੰਦਾਂ ਨੇ ਇਹ ਗੱਲ ਕਬੂਲੀ ਸੀ ਕਿ ਅਕਾਲੀ ਲੀਡਰਸ਼ਿਪ ਵੱਲੋਂ ਪਾਰਟੀ ਵਿਚ ਅਜਿਹੇ ਚਿਹਰੇ ਸ਼ਾਮਲ ਕਰ ਲਏ ਗਏ ਹਨ ਜਿਨ੍ਹਾਂ ਨੂੰ ਲੋਕ ਪਸੰਦ ਨਹੀਂ ਕਰਦੇ ਜਿਸ ਕਾਰਨ ਹੀ ਅੱਜ ਅਕਾਲੀ ਦਲ ਦਾ ਇਹ ਹਾਲ ਹੋਇਆ ਹੈ।
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਘੁਰਕੀ ਕਾਰਨ ਇਕਬਾਲ ਸਿੰਘ ਝੂੰਦਾਂ ਅਗਲੇ ਦਿਨ ਹੀ ਆਪਣੇ ਬਿਆਨ ਤੋਂ ਮੁੱਕਰ ਗਏ। ਐੱਸਜੀਪੀਸੀ ਮੈਂਬਰ ਰਾਮਪਾਲ ਸਿੰਘ ਬਹਿਣੀਵਾਲ, ਮਲਕੀਤ ਸਿੰਘ ਚੰਗਾਲ, ਅਤੇ ਗੁਰਮੀਤ ਸਿੰਘ ਜੌਹਲ ਆਦਿ ਨੇ ਦਾਅਵਾ ਕੀਤਾ ਕਿ ਝੂੰਦਾਂ ਕਮੇਟੀ ਦੀ ਰਿਪੋਰਟ ’ਚ ਲੜੀ ਨੰ. 42 ਉਪਰ ਅਕਾਲੀ ਲੀਡਰਸ਼ਿਪ ਨੂੰ ਬਦਲਣ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਝੂੰਦਾਂ ਨੂੰ ਸਵਾਲ ਕੀਤਾ ਕਿ ਉਹ ਸਪੱਸ਼ਟ ਕਰਨ ਕਿ ਅਕਾਲੀ ਦਲ ’ਚ ਉਹ ਕਿਹੜੇ ਚਿਹਰੇ ਹਨ, ਜਿਨ੍ਹਾਂ ਨੂੰ ਵਰਕਰ ਪਸੰਦ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜਿਹੜਾ ਆਗੂ ਸੁਝਾਅ ਦਿੰਦਾ ਹੈ, ਉਸ ਨੂੰ ਬਾਗੀ ਗਰਦਾਨਿਆਂ ਜਾਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਅਕਾਲੀ ਦਲ ਫੇਲ੍ਹ ਹੋਇਆ ਹੈ।