ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਜਨਵਰੀ
ਵੀਰ ਬਾਲ ਦਿਵਸ ਦੇ ਐਲਾਨ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਹੀ ਗੁਜਰਾਤ ਦੇ ਸ਼ਹਿਰ ਅਹਿਮਦਾਬਾਦ ਦੇ ਇਕ ਸਕੂਲ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਤੋਂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ ਦਾ ਰੋਲ ਕਰਵਾਉਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਹੈ। ਜਿਸ ਦਾ ਪਤਾ ਲਗਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖ਼ਤ ਨੋਟਿਸ ਲਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਨੂੰ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਸਨ, ਜਿਸ ਦੇ ਆਧਾਰ ’ਤੇ ਕਮੇਟੀ ਨੇ ਆਪਣੇ ਅਧੀਨ ਚੱਲਦੇ ਸਿੱਖ ਮਿਸ਼ਨ ਗੁਜਰਾਤ ਦੇ ਪ੍ਰਚਾਰਕਾਂ ਰਾਹੀਂ ਸਬੰਧਤ ਸਕੂਲ ਕੋਲੋਂ ਜਵਾਬ-ਤਲਬੀ ਕੀਤੀ। ਇਸ ਮਗਰੋਂ ਸਕੂਲ ਦੇ ਪ੍ਰਬੰਧਕਾਂ ਨੇ ਲਿਖਤੀ ਤੌਰ ’ਤੇ ਮੁਆਫ਼ੀ ਮੰਗ ਲਈ ਹੈ। ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਇਹ ਵੀਡੀਓ 2019 ਦੀ ਹੈ, ਪਰ ਹੁਣ ਇਸ ਨੂੰ ਕਿਸੇ ਨੇ ਸੋਸ਼ਲ ਮੀਡੀਆ ’ਤੇ ਪਾ ਦਿੱਤਾ ਹੈ। ਸਕੂਲ ਪ੍ਰਬੰਧਕਾਂ ਨੇ ਮੰਨਿਆ ਕਿ ਉਨ੍ਹਾਂ ਨੂੰ ਸਿੱਖ ਧਰਮ ਦੇ ਨਿਯਮਾਂ ਬਾਰੇ ਪਤਾ ਨਾ ਹੋਣ ਕਾਰਨ ਅਜਿਹਾ ਹੋਇਆ ਹੈ ਤੇ ਉਹ ਇਸ ਗਲਤੀ ਲਈ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਦੇ ਹਨ। ਐਡਵੋਕੇਟ ਧਾਮੀ ਨੇ ਆਖਿਆ ਕਿ ਭਾਵੇਂ ਸਕੂਲ ਪ੍ਰਬੰਧਕਾਂ ਨੇ ਮੁਆਫ਼ੀ ਮੰਗ ਲਈ ਹੈ ਤੇ ਵੀਡੀਓ ਪੁਰਾਣੀ ਹੋਣ ਦਾ ਦਾਅਵਾ ਕੀਤਾ ਹੈ, ਪਰ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਬਾਜ਼ ਆਉਣਾ ਚਾਹੀਦਾ ਹੈ। ਇਥੇ ਦੱਸਣਯੋਗ ਹੈ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਕੇਂਦਰ ਸਰਕਾਰ ਵੱਲੋਂ ਹਰ ਵਰ੍ਹੇ ਵੀਰ ਬਾਲ ਦਿਵਸ ਮਨਾਉਣ ਦਾ ਐਲਾਣ ਕੀਤਾ ਗਿਆ, ਜਿਸ ਦੇ ਐਲਾਨ ਮਗਰੋਂ ਸਿੱਖ ਵਿਦਵਾਨਾਂ ਵੱਲੋਂ ਖਦਸ਼ਾ ਵੀ ਪ੍ਰਗਟਾਇਆ ਗਿਆ ਸੀ ਕਿ ਇਸ ਵੀਰ ਬਾਲ ਦਿਵਸ ਸਬੰਧੀ ਬਿਨਾ ਕਿਸੇ ਰੂਪ ਰੇਖਾ ਦੇ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰ ਸਕਦੀਆਂ ਹਨ। ਸਾਬਕਾ ਜਥੇਦਾਰ ਪ੍ਰ੍ਰੋ. ਮਨਜੀਤ ਸਿੰਘ ਨੇ ਇਸ ਸਬੰਧੀ ਸੁਝਾਵ ਦਿੱਤਾ ਸੀ ਕਿ ਇਸ ਐਲਾਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਅਕਾਲ ਤਖ਼ਤ ਦੀ ਅਗਵਾਈ ਹੇਠ ਸਿੱਖ ਜਥੇਬੰਦੀਆਂ ਤੇ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ ਸੱਦ ਕੇ ਇਸ ਦਿਵਸ ਸਬੰਧੀ ਰੂਪ-ਰੇਖਾ ਤਿਆਰ ਕੀਤੀ ਜਾਵੇ ਤੇ ਇਸ ਦੇ ਨਾਂ ਨੂੰ ਬਦਲਣ ਬਾਰੇ ਆਪਣੇ ਵਿਚਾਰ ਕੇਂਦਰ ਸਰਕਾਰ ਨੂੰ ਭੇਜੇ ਜਾਣ।