ਸ਼੍ੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਬੁੰਗਾ ’ਚ ਸਮਾਗਮ
ਸੰਗਤ ਨੂੰ ਸ੍ਰੀ ਅਾਨੰਦਪੁਰ ਸਾਹਿਬ ਵਿੱਚ ਹੋਣ ਵਾਲੇ ਸਮਾਗਮਾਂ ’ਚ ਸ਼ਮੂਲੀਅਤ ਲਈ ਪ੍ਰੇਰਿਆ
ਮਨਮੋਹਨ ਸਿੰਘ ਢਿੱਲੋਂ
ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੰਮੂ ਕਸ਼ਮੀਰ ਦੀਆਂ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ ਬੁੰਗਾ ਸ੍ਰੀਨਗਰ ਵਿੱਚ ਗੁਰਮਤਿ ਸਮਾਗਮ ਕਰਵਾਏ ਗਏ। ਇਸ ਵਿੱਚ ਸ਼੍ੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਤੇ ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਗਿਆਨੀ ਪਰਵਿੰਦਰਪਾਲ ਸਿੰਘ ਹਾਜ਼ਰ ਸਨ। ਉਨ੍ਹਾਂ ਸੰਗਤ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਪ੍ਰੇਰਿਆ। ਸਮਾਗਮ ਦੌਰਾਨ ਗਿਆਨੀ ਪਰਵਿੰਦਰਪਾਲ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ ਤੇ ਹਜ਼ੂਰੀ ਰਾਗੀ ਭਾਈ ਹਰਭਿੰਦਰ ਸਿੰਘ ਅਤੇ ਭਾਈ ਮਨਦੀਪ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਸ੍ਰੀ ਧਾਮੀ ਨੇ ਕਿਹਾ ਕਿ ਸ੍ਰੀਨਗਰ ਦੇ ਸਿੱਖਾਂ ਨੇ ਗੁਰੂ ਸਾਹਿਬ ਦੀ ਸਿੱਖੀ ਤੇ ਗੁਰਮਤਿ ਦੇ ਪਵਿੱਤਰ ਸਿਧਾਂਤਾਂ ਨੂੰ ਚੰਗੀ ਤਰ੍ਹਾਂ ਸੰਭਾਲਿਆ ਹੋਇਆ ਹੈ। ਸ਼੍ੋਮਣੀ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮਟਨ ਸਾਹਿਬ ਤੋਂ 15 ਨਵੰਬਰ ਨੂੰ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਉਨ੍ਹਾਂ ਸੰਗਤ ਨੂੰ ਨਗਰ ਕੀਰਤਨ ਦੇ ਨਾਲ-ਨਾਲ ਸ੍ਰੀ ਆਨੰਦਪੁਰ ਸਾਹਿਬ ਵਿੱਚ 23 ਤੋਂ 29 ਨਵੰਬਰ ਤਕ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਦਾ ਸੱਦਾ ਦਿੱਤਾ। ਉਨ੍ਹਾਂ ਸਮਾਗਮਾਂ ਵਿੱਚ ਸਹਿਯੋਗ ਲਈ ਕਸ਼ਮੀਰ ਦੀ ਸਿੱਖ ਸੰਗਤ ਅਤੇ ਸ੍ਰੀਨਗਰ, ਬਡਗਾਮ ਜ਼ਿਲ੍ਹਾ ਪ੍ਰਬੰਧਕ ਕਮੇਟੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਐਡਵੋਕੇਟ ਧਾਮੀ ਨੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਤੇ ਮੁੱਖ ਮੰਤਰੀ ਉਮਰ ਅਬਦੁੱਲਾ ਦਾ ਵੀ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸਹਿਯੋਗ ਵਾਸਤੇ ਧੰਨਵਾਦ ਕੀਤਾ।
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਦਾ ਸਮਾਗਮ ਬਹੁਤ ਵੱਡਾ ਹੈ ਕਿਉਂਕਿ ਇਹ ਉਸ ਧਰਤੀ ਉੱਤੇ ਕਰਵਾਇਆ ਜਾ ਰਿਹਾ ਹੈ ਜਿੱਥੋਂ ਕਸ਼ਮੀਰੀ ਪੰਡਤ ਗੁਰੂ ਤੇਗ ਬਹਾਦਰ ਕੋਲ ਆਪਣੀ ਅਰਜ਼ੋਈ ਲੈ ਕੇ ਗਏ ਸਨ।
ਉਨ੍ਹਾਂ ਗੁਰਦੁਆਰਾ ਮਟਨ ਸਾਹਿਬ ਵਿੱਚ ਜ਼ਮੀਨੀ ਵਿਵਾਦ ਬਾਰੇ ਕਿਹਾ ਕਿ ਸ਼ਹੀਦੀ ਸ਼ਤਾਬਦੀ ਸਮੇਂ ਸਰਕਾਰ ਦਾ ਫ਼ਰਜ਼ ਹੈ ਕਿ ਗੁਰੂ ਘਰ ਦੀ ਸੰਭਾਲ ਕਰੀਏ, ਗੁਰਦੁਆਰਿਆਂ ਦੀ ਅਸਲ ਥਾਂ ਵਾਪਸ ਕਰੀਏ।

