ਪੱਤਰ ਪ੍ਰੇਰਕ
ਭਿੱਖੀਵਿੰਡ, 28 ਜੂਨ
ਸ਼੍ਰੋਮਣੀ ਕਮੇਟੀ ਨੇ ਅੱਜ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਚੜਾਉਣ ਵਾਲੇ ਜੁਗਰਾਜ ਸਿੰਘ ਦੇ ਪਰਿਵਾਰ ਨੂੰ ਇੱਕ ਲੱਖ ਦਾ ਚੈੱਕ ਭੇਟ ਕੀਤਾ। ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿੱਚ ਕੱੱਢੇ ਗਏ ਟਰੈਕਟਰ ਮਾਰਚ ਦੌਰਾਨ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਚੜ੍ਹਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਸੀ, ਜੋ ਕਿ ਅੱਜ ਵੀ ਜਾਰੀ ਹੈ। ਇਸ ਘਟਨਾ ਮਗਰੋਂ ਜੁਗਰਾਜ ਸਿੰਘ ਦੇ ਪਰਿਵਾਰ ਨੂੰ ਕਈ ਤਕਲੀਫ਼ਾਂ ਦਾ ਸਾਹਮਣਾ ਕਰਨਾ ਪਿਆ ਪਰ ਕਿਸੇ ਸੰਸਥਾ ਨੇ ਪੀੜਤ ਪਰਿਵਾਰ ਦੀ ਸਾਰ ਨਹੀਂ ਲਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕੁੰਵਰ ਚੜਤ ਸਿੰਘ ਨੇ ਉਪਰਾਲਾ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਕੋਲ ਪਹੁੰਚ ਕਰ ਕੇ ਪਰਿਵਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਸੀ।