ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 10 ਮਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਬੇਅੰਤ ਸਿੰਘ ਕਤਲ ਕਾਂਡ ਕੇਸ ਵਿਚ ਨਜ਼ਰਬੰਦ ਭਾਈ ਪਰਮਜੀਤ ਸਿੰਘ ਭਿਉਰਾ ਦੇ ਭਰਾ ਭਾਈ ਅਵਤਾਰ ਸਿੰਘ ਭਿਉਰਾ ਨੂੰ 2 ਲੱਖ ਰੁਪਏ ਦੀ ਮਾਲੀ ਮਦਦ ਦਿੱਤੀ ਗਈ। ਇਸ ਤੋਂ ਇਲਾਵਾ ਅਮਰਜੀਤ ਸਿੰਘ ਬਡਗੁੱਜਰਾ, ਜਿਸ ਦਾ ਪੁੱਤਰ ਪ੍ਰੀਤ ਅਨਮੋਲ ਸਿੰਘ ਗੰਭੀਰ ਬਿਮਾਰੀ ਨਾਲ ਪੀੜਤ ਹੋਣ ਕਾਰਨ ਉਸ ਦੇ ਇਲਾਜ ਲਈ ਸ਼੍ਰੋਮਣੀ ਕਮੇਟੀ ਵੱਲੋਂ 1 ਲੱਖ ਰੁਪਏ ਦੀ ਮਾਲੀ ਮਦਦ ਦਿੱਤੀ ਗਈ। ਪਿੰਡ ਜਿਓਣਪੁਰਾ ਦੇ ਗੁਰਦੁਆਰੇ ਲਈ ਅਧੂਰੇ ਪਏ ਕਾਰਜਾਂ ਨੂੰ ਪੂਰੇ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ 1 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ। ਇਸੇ ਤਰ੍ਹਾਂ ਯੂਨੀਵਰਸਿਟੀ ਵਿਚ ਪੜ੍ਹ ਰਹੇ ਲੋੜਵੰਦ ਵਿਦਿਆਰਥੀ ਇੰਦਰਜੀਤ ਸਿੰਘ ਫ਼ੀਸ ਲਈ 10 ਹਜ਼ਾਰ ਰੁਪਏ ਦਾ ਚੈਕ ਦਿੱਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਪੰਥਕ ਕਾਰਜਾਂ ਵਿਚ ਸੰਘਰਸ਼ੀ ਯੋਧਿਆਂ ਦੀ ਮਦਦ ਕਰਦੀ ਆ ਰਹੀ ਹੈ ਅਤੇ ਹਮੇਸ਼ਾਂ ਕਰਦੀ ਰਹੇਗੀ। ਇਸ ਮੌਕੋ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਬਰ ਭਾਈ ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖਾਲਸਾ ਹਾਜ਼ਰ ਸਨ।