ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 16 ਨਵੰਬਰ
ਲਗਪਗ 20 ਮਹੀਨਿਆਂ ਬਾਅਦ ਭਾਰਤ ਸਰਕਾਰ ਵੱਲੋਂ ਗੁਰਦੁਆਰਾ ਕਰਤਾਰਪੁਰ ਲਾਂਘਾ ਭਲਕੇ 17 ਨਵੰਬਰ ਤੋਂ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਵਾਗਤ ਕਰਦਿਆਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 19 ਨਵੰਬਰ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਜਾ ਕੇ ਮਨਾਉਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਭਲਕੇ 17 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫਤਰ ਤੋਂ ਰਵਾਨਾ ਹੋਵੇਗਾ ਅਤੇ 26 ਨਵੰਬਰ ਨੂੰ ਪਰਤੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਰਾਹੀਂ ਲਾਂਘਾ ਖੋਲ੍ਹਣ ਦੀ ਜਾਣਕਾਰੀ ਦਿੱਤੀ ਹੈ।
ਬੀਬੀ ਜਗੀਰ ਕੌਰ ਨੇ ਲਾਂਘਾ ਮੁੜ ਖੁਲ੍ਹਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 19 ਨਵੰਬਰ ਨੂੰ ਕਰਤਾਰਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ ਅਤੇ ਉਹ ਜਥੇ ਦੀ ਅਗਵਾਈ ਕਰਨਗੇ। ਜਥੇ ਦਾ ਸਾਰਾ ਖਰਚ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਨੇ ਅੱਜ ਸਿੱਖ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਵੀਜ਼ਾ ਲੱਗੇ ਪਾਸਪੋਰਟ ਸੌਂਪ ਦਿੱਤੇ ਹਨ। ਪਾਕਿਸਤਾਨੀ ਸਫਾਰਤਖਾਨੇ ਵੱਲੋਂ 1046 ਸ਼ਰਧਾਲੂਆਂ ’ਚੋਂ 855 ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਗਏ ਹਨ।