ਰਾਜਸਥਾਨ ’ਚ ਗੁਰਦੁਆਰੇ ’ਤੇ ਹਮਲੇ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ
ਰਾਜਸਥਾਨ ਦੇ ਜ਼ਿਲ੍ਹਾ ਹਨੂਮਾਨਗੜ੍ਹ ਦੇ ਗੁਰਦੁਆਰਾ ਮਹਿਤਾਬਗੜ੍ਹ ਮੰਡੀ ਗੋਲੂਵਾਲਾ ਵਿੱਚ ਕੁਝ ਲੋਕਾਂ ਵੱਲੋਂ ਹਮਲਾ ਕਰਨ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਰੋਧ ਕਰਦਿਆਂ ਸਰਕਾਰ ਨੂੰ ਹਮਲਾਵਰਾਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕਰਨ ਲਈ ਆਖਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਜਾਣਕਾਰੀ ਅਨੁਸਾਰ ਇਹ ਮਿੱਥ ਕੇ ਕੀਤਾ ਹਮਲਾ ਹੈ ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਗੁਰਦੁਆਰੇ ਵਿੱਚ ਸੁੱਤੇ ਸਿੱਖਾਂ ’ਤੇ ਹਮਲਾ ਕੀਤਾ ਗਿਆ ਹੈ। ਹਮਲਾਵਰਾਂ ਨੇ ਛੋਟੇ-ਛੋਟੇ ਬੱਚਿਆਂ ਨੂੰ ਵੀ ਗੰਭੀਰ ਜ਼ਖ਼ਮੀ ਕੀਤਾ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਇਹ ਸਭ ਕੁਝ ਪੁਲੀਸ ਦੀ ਮੌਜੂਦਗੀ ਵਿੱਚ ਹੋਇਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੇ ਜਿੱਥੇ ਦੇਸ਼ ਦੀ ਰੱਖਿਆ ਲਈ ਹਮੇਸ਼ਾ ਮੋਹਰੀ ਰੋਲ ਅਦਾ ਕੀਤਾ ਹੈ, ਉੱਥੇ ਜਿਸ ਵੀ ਖਿੱਤੇ ਵਿੱਚ ਵੱਸੇ ਹਨ, ਉੱਥੋਂ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਵਿੱਚ ਸਿੱਖਾਂ ਨੂੰ ਪਹਿਲਾਂ ਵੀ ਕਈ ਵਾਰ ਕਕਾਰਾਂ ਕਰ ਕੇ ਮੁਸ਼ਕਲਾਂ ’ਚੋਂ ਲੰਘਣਾ ਪਿਆ ਹੈ। ਇਸ ਵਿਰੁੱਧ ਜਿੱਥੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੇ ਆਵਾਜ਼ ਉਠਾਈ, ਉੱਥੇ ਹੀ ਸਥਾਨਕ ਸਿੱਖਾਂ ਨੇ ਸਰਕਾਰ ਨੂੰ ਆਪਣੇ ਫ਼ੈਸਲੇ ਬਦਲਣ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਸਮਾਜ ਵਿੱਚ ਵੰਡੀਆਂ ਪਾ ਕੇ ਆਪਣੀ ਸਿਆਸਤ ਚਮਕਾਉਣੀ ਚਾਹੁੰਦੇ ਹਨ, ਜੋ ਦੇਸ਼ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਜਿਹੀ ਖੁੱਲ੍ਹ ਨਹੀਂ ਦਿੱਤੀ ਜਾ ਸਕਦੀ ਕਿ ਉਹ ਸਮਾਜ ਵਿਰੋਧੀ ਹਰਕਤਾਂ ਕਰੇ। ਐਡਵੋਕੇਟ ਧਾਮੀ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ’ਤੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਲਈ ਆਖਿਆ ਹੈ।