ਚਿੱਟੀ ਸਿੰਘਪੁਰਾ ਦਾ ਖ਼ਾਲਸਾ ਸਕੂਲ ਮੁੜ ਸ਼ੁਰੂ ਕਰੇਗੀ ਸ਼੍ਰੋਮਣੀ ਕਮੇਟੀ
ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਜਾਵੇਗਾ ਵਿਚਾਰ: ਧਾਮੀ
ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀਨਗਰ ਵਿੱਚ ਚਿੱਟੀ ਸਿੰਘਪੁਰਾ ਵਿੱਚ ਖ਼ਾਲਸਾ ਸਕੂਲ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ। ਚਿੱਟੀ ਸਿੰਘਪੁਰਾ ਪੁੱਜੇ ਸ਼੍ੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਕਿ ਉਹ ਇੱਥੇ ਸਥਾਪਿਤ ਖ਼ਾਲਸਾ ਸਕੂਲ ਨੂੰ ਮੁੜ ਚਲਾਉਣ ਲਈ ਯਤਨ ਕਰਨਗੇ। ਇਹ ਸਕੂਲ ਸੰਨ 2000 ਵਿੱਚ ਪਿੰਡ ’ਚ ਕਤਲ ਕੀਤੇ 35 ਸਿੱਖਾਂ ਦੀ ਯਾਦ ਵਿੱਚ ਸਥਾਪਿਤ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਨੂੰ ਮੁੜ ਸ਼ੁਰੂ ਕਰਨ ਲਈ ਕਮੇਟੀ ਬਣਾਈ ਜਾਵੇਗੀ ਜੋ ਇਸ ਲਈ ਯੋਜਨਾ ਬਣਾ ਕੇ ਦੇਵੇਗੀ। ਇਹ ਮਾਮਲਾ ਆਉਂਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ।
ਇਸ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਸ਼ ਤੇ ਦੁਨੀਆਂ ਅੰਦਰ ਸਿੱਖਾਂ ਦੀ ਸਾਰ ਲਈ ਕਾਰਜਸ਼ੀਲ ਰਹਿੰਦੀ ਹੈ ਅਤੇ ਚਿੱਟੀ ਸਿੰਘਪੁਰਾ ਵਿੱਚ ਹੋਏ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦਾ ਦੁੱਖ ਵੰਡਾਉਣਾ ਤੇ ਸਕੂਲ ਸਥਾਪਿਤ ਕਰਨਾ ਕੌਮੀ ਭਾਵਨਾ ਦੀ ਤਰਜ਼ਮਾਨੀ ਹੈ। ਚਿੱਠੀ ਸਿੰਘਪੁਰਾ ਸ੍ਰੀਨਗਰ ਵਿੱਚ ਇਹ ਖਾਲਸਾ ਸਕੂਲ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਪਿਤ ਕੀਤਾ ਗਿਆ ਸੀ। ਇਸ ਮੌਕੇ ਸ਼੍ੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਅਤੇ ਸਥਾਨਕ ਸਿੱਖ ਆਗੂ ਮੌਜੂਦ ਸਨ।

