ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਭਲਕੇ 28 ਜੁਲਾਈ ਨੂੰ ਇਥੇ ਸਥਿਤ ਮੁੱਖ ਦਫਤਰ ਵਿੱਚ ਹੋਵੇਗੀ।
ਸ਼੍ੋਮਣੀ ਕਮੇਟੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸਿੱਖ ਸੰਸਥਾ ਨਾਲ ਸਬੰਧਤ ਮਸਲੇ ਵਿਚਾਰੇ ਜਾਣਗੇ। ਉਨ੍ਹਾਂ ਦੱਸਿਆ ਕਿ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰਨਗੇ ਅਤੇ ਅੰਤਰਿੰਗ ਕਮੇਟੀ ਦੇ ਮੈਂਬਰ ਤੇ ਅਧਿਕਾਰੀ ਸ਼ਾਮਲ ਹੋਣਗੇ। ਪ੍ਰਾਪਤ ਜਾਣਕਾਰੀ ਦੇ ਮੁਤਾਬਕ ਇਸ ਵੇਲੇ ਗੁਰੂ ਤੇਗ ਬਹਾਦਰ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦਾ ਮਾਮਲਾ ਚਰਚਾ ਵਿੱਚ ਹੈ ਅਤੇ ਇਸ ਮੁੱਦੇ ਨੂੰ ਮੀਟਿੰਗ ਵਿੱਚ ਵਿਚਾਰਿਆ ਜਾ ਸਕਦਾ। ਸਰਕਾਰ ਵੱਲੋਂ ਸ਼ਤਾਬਦੀ ਸਮਾਗਮ ਸਿੱਖ ਸੰਸਥਾ ਦੇ ਸਮਾਨਾਂਤਰ ਮਨਾਏ ਜਾਣ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸਮਾਗਮ ਦੇਸ਼ ਭਰ ਵਿੱਚ ਮਨਾਏ ਜਾ ਰਹੇ ਹਨ ਅਤੇ ਸਿੱਖ ਸੰਸਥਾ ਵੱਲੋਂ ਸਰਕਾਰ ਨੂੰ ਇਹ ਸਮਾਗਮ ਵੱਖਰੇ ਤੌਰ ’ਤੇ ਮਨਾਉਣ ਦੀ ਥਾਂ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿੱਚ ਸ਼ਾਮਲ ਹੋ ਕੇ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ। ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਚਾਲੇ ਬੰਦ ਕਮਰਾ ਮੀਟਿੰਗ ਵੀ ਹੋਈ ਸੀ। ਸਮਝਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਇਹ ਮਾਮਲਾ ਵੀ ਵਿਚਾਰਿਆ ਗਿਆ ਸੀ ਪਰ ਉਸ ਤੋਂ ਬਾਅਦ ਦੋਵੇਂ ਆਗੂ ਚੁੱਪ ਸਨ।
ਭਲਕੇ ਹੋਣ ਵਾਲੀ ਮੀਟਿੰਗ ਵਿੱਚ ਮੌਜੂਦਾ ਮਸਲਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸੇ ਦੌਰਾਨ ਰਾਜਸਥਾਨ ਵਿੱਚ ਜੁਡੀਸ਼ਲ ਪ੍ਰੀਖ਼ਿਆ ਦੌਰਾਨ ਇੱਕ ਅੰਮ੍ਰਿਤਧਾਰੀ ਲੜਕੀ ਨੂੰ ਕਕਾਰਾਂ ਸਣੇ ਪ੍ਰੀਖ਼ਿਆ ਵਿੱਚ ਬੈਠਣ ਤੋਂ ਰੋਕਣ ਦੇ ਮਾਮਲੇ ’ਤੇ ਵੀ ਮੀਟਿੰਗ ਦੌਰਾਨ ਚਰਚਾ ਹੋ ਸਕਦੀ ਹੈ।