ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 19 ਅਗਸਤ
ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਵਿੱਚ ਗ੍ਰੰਥੀ ਦੀ ਸੇਵਾ ਨਿਭਾਅ ਰਹੇ ਗਿਆਨੀ ਦਇਆ ਸਿੰਘ ਨੂੰ ਬੰਦੀ ਬਣਾ ਕੇ ਲੁੱਟਣ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਕਮੇਟੀ ਨੇ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿੱਚ ਘੱਟ ਗਿਣਤੀ ਭਾਈਚਾਰੇ ਨਾਲ ਵਾਪਰਨ ਵਾਲੀਆਂ ਧੱਕੇਸ਼ਾਹੀ ਦੀਆਂ ਘਟਨਾਵਾਂ ਕਾਰਨ ਉੱਥੇ ਵੱਸ ਰਹੇ ਸਿੱਖ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਈ ਦਇਆ ਸਿੰਘ ਆਪਣੇ ਸਾਥੀ ਨਾਲ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸੱਚਾ ਸੌਦਾ ਵੱਲ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਬੰਦੂਕ ਦੇ ਜ਼ੋਰ ’ਤੇ ਬੰਦੀ ਬਣਾ ਕੇ ਲੁੱਟ ਲਿਆ ਗਿਆ। ਉਨ੍ਹਾਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਉਥੇ ਵਸਣ ਵਾਲੇ ਘੱਟ ਗਿਣਤੀਆਂ ਨੂੰ ਹੌਸਲਾ ਮਿਲੇ।