ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 19 ਜੂਨ
ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਉੱਡਣੇ ਸਿੱਖ ਵਜੋਂ ਜਾਣੇ ਜਾਂਦੇ ਦੌੜਾਕ ਮਿਲਖਾ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਮਿਲਖਾ ਸਿੰਘ ਨੇ ਸਖ਼ਤ ਮਿਹਨਤ ਨਾਲ ਦੁਨੀਆ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਅਤੇ ਸਿੱਖ ਦੌੜਾਕ ਵਜੋਂ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ। ਉਨ੍ਹਾਂ ਦੇ ਚਲਾਣੇ ਨਾਲ ਖੇਡ ਜਗਤ ਦਾ ਇੱਕ ਪ੍ਰੇਰਣਾ ਸਰੋਤ ਸਦਾ ਲਈ ਰੁਖ਼ਸਤ ਹੋ ਗਿਆ ਹੈ। ਉਨ੍ਹਾਂ ਦੀਆਂ ਪ੍ਰਾਪਤੀਆਂ ਭਵਿੱਖ ਦੇ ਖਿਡਾਰੀਆਂ ਲਈ ਮਾਰਗ-ਦਰਸ਼ਨ ਹਨ, ਜੋ ਉਨ੍ਹਾਂ ਨੂੰ ਆਪਣੇ ਟੀਚੇ ਦੀ ਪ੍ਰਾਪਤੀ ਲਈ ਹਮੇਸ਼ਾ ਪ੍ਰੇਰਣਾ ਦਿੰਦੀਆਂ ਰਹਿਣਗੀਆਂ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਅਫ਼ਸੋਸ ਪ੍ਰਗਟ ਕੀਤਾ ਹੈ।
ਮਿਲਖਾ ਸਿੰਘ ਦਾ ਦੇਹਾਂਤ ਨਾ ਪੂਰਾ ਹੋਣ ਵਾਲਾ ਘਾਟਾ: ਬਡੂੰਗਰ
ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮਿਲਖਾ ਸਿੰਘ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਉਨ੍ਹਾਂ ਮਿਲਖਾ ਸਿੰਘ ਦੇ ਪੁੱਤਰ ਜੀਵ ਮਿਲਖਾ ਸਿੰਘ ਅਤੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕਰਦਿਆਂ ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਬਖ਼ਸ਼ੇ।