ਥਾਣਾ ਮੁਖੀ ਦਾ ਰਿਵਾਲਵਰ ਖੋਹ ਕੇ ਭੱਜਣ ਵਾਲਾ ਸ਼ੂਟਰ ਜ਼ਖ਼ਮੀ
ਗੁਰਦੀਪ ਸਿੰਘ ਟੱਕਰ
ਇਥੇ ਪਿੰਡ ਚੱਕ ਲੋਹਟ ਵਿੱਚ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰਨ ਵਾਲਾ ਸ਼ੂਟਰ ਮਾਛੀਵਾੜਾ ਪੁਲੀਸ ਨਾਲ ਬੀਤੀ ਦੇਰ ਰਾਤ ਹੋਏ ਮੁਕਾਬਲੇ ਦੌਰਾਨ ਜ਼ਖ਼ਮੀ ਹੋ ਗਿਆ। ਐੱਸਪੀ (ਡੀ) ਪਵਨਜੀਤ ਨੇ ਦੱਸਿਆ ਕਿ ਚੱਕ ਲੋਹਟ ਦੇ ਨੌਜਵਾਨ ਜਸਪ੍ਰੀਤ ਸਿੰਘ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰਨ ਦੇ ਮਾਮਲੇ ’ਚ ਕੁਝ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ’ਚੋਂ ਇੱਕ ਮੁਲਜ਼ਮ ਸਲੀਮ ਵਾਸੀ ਰੁੜਕਾ ਨੂੰ ਜਦੋਂ ਬੇਟ ਖੇਤਰ ਦੇ ਪਿੰਡ ਖਾਨਪੁਰ ਦੇ ਜੰਗਲੀ ਇਲਾਕੇ ਵਿੱਚ ਹਥਿਆਰਾਂ ਦੀ ਬਰਾਮਦਗੀ ਲਈ ਲਿਆਂਦਾ ਗਿਆ ਤਾਂ ਉੱਥੇ ਮੁਲਜ਼ਮ ਨੇ ਜ਼ਮੀਨ ਹੇਠ ਦੱਬਿਆ ਰਿਵਾਲਵਰ ਚੁੱਕ ਕੇ ਅਤੇ ਥਾਣਾ ਮੁਖੀ ਹਰਵਿੰਦਰ ਸਿੰਘ ਦਾ ਰਿਵਾਲਵਰ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲੀਸ ਦੀ ਗੋਲੀ ਉਸ ਦੀ ਲੱਤ ਵਿੱਚ ਲੱਗੀ ਤੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ। ਐੱਸਪੀ (ਡੀ) ਪਵਨਜੀਤ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਵਾਰਦਾਤ ਵੇਲੇ ਵਰਤਿਆ ਰਿਵਾਲਵਰ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਵਿਦੇਸ਼ ਤੋਂ ਇਨ੍ਹਾਂ ਸ਼ੂਟਰਾਂ ਨੂੰ ਸੁਪਾਰੀ ਦੇ ਕੇ ਜਸਪ੍ਰੀਤ ਸਿੰਘ ਦਾ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੌਰਾਨ ਉਹ ਜ਼ਖ਼ਮੀ ਹੋ ਗਿਆ ਹੈ ਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਐੱਸਪੀ (ਡੀ) ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਖ਼ਮੀ ਹੋਏ ਸਲੀਮ ਨੂੰ ਇਲਾਜ ਲਈ ਸਮਰਾਲਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।