ਰਵੇਲ ਸਿੰਘ ਭਿੰਡਰ
ਪਟਿਆਲਾ, 26 ਮਾਰਚ
ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਪਟਿਆਲਾ ਵਿਚ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪਟਿਆਲਾ ਵਪਾਰ ਮੰਡਲ ਦੇ ਪ੍ਰਧਾਨ ਰਾਕੇਸ਼ ਗੁਪਤਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਪਾਰੀਆਂ ਦੇ ਵਫ਼ਦ ਵੱਲੋਂ ਸਵੇਰੇ ਸ਼ਹਿਰ ਦੇ ਵਿੱਚ ਰੋਸ ਮਾਰਚ ਵੀ ਕੱਢਿਆ ਗਿਆ। ਸ੍ਰੀ ਗੁਪਤਾ ਨੇ ਦੱਸਿਆ ਕਿ ਸ਼ਹਿਰ ਦੀ ਸਾਰੇ ਦੁਕਾਨਦਾਰਾਂ ਤੇ ਵਪਾਰੀਆਂ ਨੇ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਹੋਈਆਂ ਹਨ ਤੇ ਵਪਾਰ ਪੂਰੀ ਤਰ੍ਹਾਂ ਠੱਪ ਰੱਖ ਕੇ ਕਿਸਾਨ ਅੰਦੋਲਨ ਦਾ ਭਰਵਾਂ ਸਮਰਥਨ ਕੀਤਾ।
ਉਧਰ ਬੰਦ ਦੇ ਸਮਰਥਨ ਵਿਚ ਵਿਦਿਆਰਥੀ ਤੇ ਹੋਰ ਧਿਰਾਂ ਵੀ ਨਿੱਤਰੀਆਂ ਹੋਈਆਂ ਹਨ। ਪੰਜਾਬੀ ਯੂਨੀਵਰਸਿਟੀ ਦੇ ਮੁੱਖ ਗੇਟ ਦੇ ਸਾਹਮਣੇ ਦਿੱਤੇ ਜਾ ਰਹੇ ਧਰਨੇ ਵਿਚ ਵਿਦਿਆਰਥੀ, ਮੁਲਾਜ਼ਮ ਧਿਰਾਂ ਤੋਂ ਇਲਾਵਾ ਹੋਰ ਕਾਰਕੁਨ ਵੀ ਗਰਮਜੋਸ਼ੀ ਨਾਲ ਸ਼ਿਰਕਤ ਕਰ ਰਹੇ ਹਨ।