‘ਆਪ’ ਆਗੂ ਦੇ ਘਰ ’ਤੇ ਗੋਲੀਆਂ ਚਲਾਈਆਂ, ਕਾਰ ਸਾੜੀ
ਹਲਕਾ ਗਿੱਲ ਤੋਂ ਆਮ ਆਦਮੀ ਪਾਰਟੀ ਆਗੂ ਸੁਖਵਿੰਦਰ ਸਿੰਘ ਛਿੰਦਾ ਦੇ ਪਿੰਡ ਲਹਿਰਾ ਸਥਿਤ ਘਰ ’ਤੇ ਬੀਤੀ ਰਾਤ ਪਿੰਡ ਦੇ ਹੀ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਹਮਲਾਵਰ, ਜਿਨ੍ਹਾਂ ਦੀ ਗਿਣਤੀ ਅੱਧੀ ਦਰਜਨ ਦੇ ਕਰੀਬ ਦੱਸੀ ਜਾਂਦੀ ਹੈ, ਨੇ ਘਰ ਦੇ ਮੁੱਖ ਦਰਵਾਜ਼ੇ ’ਤੇ ਗੋਲੀਆਂ ਚਲਾਈਆਂ ਤੇ ਅੰਦਰ ਖੜ੍ਹੀ ਸਵਿਫਟ ਕਾਰ ਨੂੰ ਵੀ ਅੱਗ ਲਗਾ ਦਿੱਤੀ।
ਹਮਲੇ ਦੀ ਖਬਰ ਮਿਲਣ ਤੋਂ ਬਾਅਦ ਡੇਹਲੋਂ ਪੁਲੀਸ ਨੇ ਪਿੰਡ ਦੇ ਨੌਜਵਾਨ ਮਾਣਕ ਅਤੇ ਉਸ ਦੇ ਸਾਥੀਆਂ ਖਿਲਾਫ਼ ਕੇਸ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਅਸਿਸਟੈਂਟ ਕਮਿਸ਼ਨਰ ਪੁਲੀਸ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਛਿੰਦਾ ’ਤੇ ਮਾਣਕ ਨਾਮੀ ਨੌਜਵਾਨ ਅਤੇ ਉਸ ਦੇ ਸਾਥੀਆਂ ਵੱਲੋਂ ਗੋਲੀਆਂ ਚਲਾਉਣ ਤੇ ਕਾਰ ਨੂੰ ਅੱਗ ਲਗਾਉਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਵੱਲੋਂ ਮੁਲਜ਼ਮਾਂ ਦੀ ਪੈੜ ਨੱਪਣ ਲਈ ਵੱਖ ਵੱਖ ਟਿਕਾਣਿਆਂ ’ਤੇ ਛਾਪੇ ਮਾਰੇ ਜਾ ਰਹੇ ਹਨ।
ਉਧਰ ਆਪ ਆਗੂ ਨੇ ਦੋਸ਼ ਲਗਾਇਆ ਹੈ ਕਿ ਉਸ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਮਰਥਨ ਦੇਣ ਅਤੇ ਇਲਾਕੇ ਦੇ ਨਸ਼ਾ ਤਸਕਰਾਂ ਵਿਰੁੱਧ ਖੁੱਲ੍ਹ ਕੇ ਬੋਲਣ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ।