ਕਤਲ ਕੇਸ ਦੇ ਗਵਾਹ ਦੇ ਘਰ ’ਤੇ ਗੋਲੀਆਂ ਚਲਾਈਆਂ
ਗਗਨਦੀਪ ਅਰੋੜਾ
ਇਥੇ ਜਵਾਹਰ ਨਗਰ ਕੈਂਪ ਵਿੱਚ ਸੋਮਵਾਰ ਰਾਤ 2 ਵਜੇ ਦੇ ਕਰੀਬ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕਾਰੋਬਾਰੀ ਕਮਲਜੀਤ ਸਿੰਘ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਚਲਾਉਣ ਮਗਰੋਂ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਡਿਵੀਜ਼ਨ 5 ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਅਤੇ ਕਮਲਜੀਤ ਸਿੰਘ ਦੀ ਸ਼ਿਕਾਇਤ ’ਤੇ ਵਰੁਣ ਘੋਗੀ, ਮਾਨਿਆ ਅਤੇ ਅਮਨ ਸ਼ਰਮਾ ਖ਼ਿਲਾਫ਼ ਕੇਸ ਦਰਜ ਕਰ ਲਿਆ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪੁਲੀਸ ਨੇ ਸੀਸੀਟੀਵੀ ਕੈਮਰੇ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਰੋਬਾਰੀ ਕਮਲਜੀਤ ਸਿੰਘ ਨੇ ਦੱਸਿਆ ਕਿ 2020 ਵਿੱਚ ਉਸ ਦੇ ਭਰਾ ਹਰਜਿੰਦਰ ਸਿੰਘ ਜਿੰਦੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਕਤਲ ਵੀ ਦੁਸ਼ਮਣੀ ਕਾਰਨ ਕੀਤਾ ਗਿਆ ਸੀ। ਇਸ ਕੇਸ ਵਿੱਚ ਉਸ ਦੀ 22 ਜੁਲਾਈ ਨੂੰ ਅਦਾਲਤ ਵਿੱਚ ਗਵਾਹੀ ਹੈ। ਉਸ ਨੂੰ ਗਵਾਹੀ ਤੋਂ ਰੋਕਣ ਲਈ ਧਮਕੀਆਂ ਮਿਲ ਰਹੀਆਂ ਹਨ। ਕਮਲਜੀਤ ਨੇ ਦਾਅਵਾ ਕੀਤਾ ਕਿ ਇਹ ਹਮਲਾ ਉਸ ਨੂੰ ਡਰਾਉਣ ਅਤੇ ਗਵਾਹੀ ਦੇਣ ਤੋਂ ਰੋਕਣ ਲਈ ਕੀਤਾ ਗਿਆ ਹੈ। ਮੁਲਜ਼ਮ ਜਵਾਹਰ ਨਗਰ ਕੈਂਪ ਤੇ ਸ਼ਿਆਮ ਨਗਰ ਦੇ ਵਾਸੀ ਹਨ। ਚੌਕੀ ਕੋਚਰ ਮਾਰਕੀਟ ਦੇ ਇੰਚਾਰਜ ਸਬ ਇੰਸਪੈਕਟਰ ਧਰਮਪਾਲ ਨੇ ਦੱਸਿਆ ਕਿ ਪੁਲੀਸ ਨੇ ਮੁਲਜ਼ਮਾਂ ਦੀ ਪਛਾਣ ਕਰ ਕੇ ਕੇਸ ਦਰਜ ਕਰ ਲਿਆ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।