ਚਰਨਜੀਤ ਸਿੰਘ ਢਿੱਲੋਂ
ਜਗਰਾਉਂ, 3 ਅਕਤੂਬਰ
ਸ਼ਹਿਰ ਦੇ ਸ਼ਹੀਦ ਕਰਨੈਲ ਸਿੰਘ ਨਗਰ ਵਿੱਚ ਅੱਜ ਸਵੇਰੇ ਗੋਲੀਆਂ ਚੱਲਣ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਗੋਲੀਆਂ ਦੀਆਂ ਆਵਾਜ਼ਾਂ ਤੋਂ ਸਹਿਮੇ ਲੋਕ ਪੁਲੀਸ ਦੇ ਆਉਣ ’ਤੇ ਵੀ ਘਰਾਂ ਤੋਂ ਬਾਹਰ ਨਾ ਨਿਕਲੇ।
ਇਸ ਸਬੰਧੀ ਥਾਣਾ ਸ਼ਹਿਰੀ ਦੇ ਇੰਚਾਰਜ ਇੰਸਪੈਕਟਰ ਇੰਦਰਜੀਤ ਸਿੰਘ ਬੋਪਾਰਾਏ ਅਤੇ ਮੁਹੱਲੇ ਦੇ ਲੋਕਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁਹੱਲੇ ਦੇ ਕੁਝ ਸਮਾਜ ਵਿਰੋਧੀ ਅਨਸਰਾਂ ਦੀ ਧੜੇਬੰਦੀ ਹੈ। ਇਸੇ ਕਾਰਨ ਹੀ ਇੱਕ ਧੜੇ ਨੇ ਗੋਲੀਆਂ ਚਲਾਈਆਂ ਹਨ। ਗੋਲੀਆਂ ਚਲਾ ਕੇ ਦਹਿਸ਼ਤ ਪੈਦਾ ਕਰਨ ਵਾਲੇ ਕੁਝ ਅਨਸਰਾਂ ਦੀ ਪੁਲੀਸ ਨੇ ਪਛਾਣ ਕਰ ਲਈ ਹੈ ਅਤੇ ਉਹ ਇਸੇ ਮੁਹੱਲੇ ਦੇ ਹੀ ਰਹਿਣ ਵਾਲੇ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪੁਰਾਣੀ ਰੰਜਿਸ਼ ਅਤੇ ਕਿਸੇ ਲੜਕੀ ਨਾਲ ਛੇੜਛਾੜ ਮਗਰੋਂ ਗੋਲੀਆਂ ਚੱਲਣ ਦੀ ਘਟਨਾ ਵਾਪਰੀ ਹੈ।
ਇੰਸਪੈਕਟਰ ਇੰਦਰਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਲਦੀ ਹੀ ਮੁਲਜ਼ਮਾਂ ਦੇ ਨਾਵਾਂ ਦਾ ਖ਼ੁਲਾਸਾ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਮੁਹੱਲਾ ਅਤੇ ਸ਼ਹਿਰ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ। ਪੁਲੀਸ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ। ਉਨ੍ਹਾਂ ਦੱਸਿਆ ਕਿ ਪੁਲੀਸ ਮੁਲਜ਼ਮਾਂ ਦੇ ਨਜ਼ਦੀਕ ਪਹੁੰਚ ਗਈ ਹੈ ਤੇ ਜਲਦੀ ਸਾਰੇ ਪੁਲੀਸ ਦੀ ਹਿਰਾਸਤ ਵਿੱਚ ਹੋਣਗੇ। ਗੋਲੀਆਂ ਚਲਾ ਕੇ ਦਹਿਸ਼ਤ ਪੈਦਾ ਕਰਨ ਵਾਲੇ ਅਨਸਰਾਂ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹੋਣ ਦਾ ਪਤਾ ਲੱਗਾ ਹੈ।
ਗੁਰਦੁਆਰੇ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼; ਕੇਸ ਦਰਜ
ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 3 ਅਕਤੂਬਰ
ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਇਤਿਹਾਸਕ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰਨਗਰ ਦੀ ਮਾਲਕੀ ਵਾਲੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਤੇ ਉਸ ਦੇ ਸਾਥੀਆਂ ਖ਼ਿਲਾਫ਼ ਪੁਲੀਸ ਨੇ ਥਾਣਾ ਬੀ-ਡਿਵੀਜ਼ਨ ਵਿਚ ਕੇਸ ਦਰਜ ਕੀਤਾ ਹੈ। ਇਹ ਕੇਸ ਗੁਰਦੁਆਰਾ ਸਤਲਾਣੀ ਸਾਹਿਬ ਦੇ ਮੈਨੇਜਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਦੋਸ਼ ਲਾਇਆ ਕਿ 2 ਅਕਤੂਬਰ ਨੂੰ ਤੜਕੇ ਹਰਪਾਲ ਸਿੰਘ ਆਪਣੇ 20-25 ਸਾਥੀਆਂ ਨਾਲ ਗੁਰਦੁਆਰਾ ਸਤਲਾਣੀ ਸਾਹਿਬ ਦੀ ਮਾਲਕੀ ਵਾਲੀ ਜ਼ਮੀਨ ਦੀ ਅੰਤਰਯਾਮੀ ਕਲੋਨੀ ਦੀ ਕੰਧ ਤੋੜ ਕੇ ਅੰਦਰ ਦਾਖਲ ਹੋਇਆ ਤੇ ਹਨੇਰੇ ਦਾ ਫਾਇਦਾ ਉਠਾਉਂਦਿਆਂ ਲੱਖਾਂ ਰੁਪਏ ਦਾ ਸਾਮਾਨ ਚੁੱਕ ਕੇ ਲੈ ਗਿਆ।
ਇਹ ਮਾਮਲਾ ਗੁਰਦੁਆਰਾ ਸਤਲਾਣੀ ਸਾਹਿਬ ਦੇ ਮੈਨੇਜਰ ਦੇ ਧਿਆਨ ਵਿਚ ਆਉਣ ਤੋਂ ਬਾਅਦ ਪੁਲੀਸ ਥਾਣਾ ਬੀ ਡਿਵੀਜ਼ਨ ਦੇ ਥਾਣਾ ਮੁਖੀ ਨੂੰ ਫੋਨ ’ਤੇ ਜਾਣਕਾਰੀ ਦਿੱਤੀ ਤੇ ਲਿਖਤੀ ਸ਼ਿਕਾਇਤ ਵੀ ਕੀਤੀ ਗਈ। ਥਾਣਾ ਮੁਖੀ ਟੀਮ ਸਣੇ ਮੌਕੇ ’ਤੇ ਪੁੱਜੇ ਤਾਂ ਹਰਪਾਲ ਸਿੰਘ ਤੇ ਸਾਥੀ ਫਰਾਰ ਹੋ ਗਏ। ਥਾਣਾ ਬੀ-ਡਿਵੀਜ਼ਨ ਵਿਖੇ ਹਰਪਾਲ ਸਿੰਘ ਅਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਸ ਵਿਅਕਤੀ ਨੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਸ ਬਾਰੇ 9 ਜੁਲਾਈ ਨੂੰ ਦਰਖਾਸਤ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਹੁਣ ਇਸ ਸਬੰਧੀ ਵੱਖਰੀ ਸ਼ਿਕਾਇਤ ਦਰਜ ਕਰਵਾਈ ਗਈ ਹੈ।