ਪੱਤਰ ਪ੍ਰੇਰਕ
ਸ਼ਹਿਣਾ, 11 ਅਗਸਤ
ਵਿਜੀਲੈਂਸ ਵਿਭਾਗ ਨੇ ਥਾਣਾ ਸ਼ਹਿਣਾ ਵਿੱਚ ਤਾਇਨਾਤ ਸਬ-ਇੰਸਪੈਕਟਰ ਜੋਗਿੰਦਰ ਸਿੰਘ ਨੂੰ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਜੁਗਰਾਜ ਸਿੰਘ ਨੇ ਦੱਸਿਆ ਕਿ ਕੁਝ ਲੋਕਾਂ ਨੇ ਉਸ ਦੀ ਕੁੱਟਮਾਰ ਕੀਤੀ ਸੀ ਤੇ ਸਬ ਇੰਸਪੈਕਟਰ ਦੂਜੀ ਧਿਰ ਖ਼ਿਲਾਫ਼ ਕੇਸ ਦਰਜ ਕਰਨ ਲਈ ਪੈਸੇ ਮੰਗ ਰਿਹਾ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਇਸ ਸਬੰਧ ਵਿੱਚ 2500 ਰੁਪਏ ਪਹਿਲਾਂ ਦੇ ਚੁੱਕਿਆ ਹੈ ਤੇ ਚਾਰ ਹਜ਼ਾਰ ਰੁਪਏ ਹੋਰ ਮੰਗੇ ਜਾ ਰਹੇ ਸਨ। ਵਿਜੀਲੈਂਸ ਦੀ ਟੀਮ ਨੇ ਅੱਜ ਸਬ-ਇੰਸਪੈਕਟਰ ਜੋਗਿੰਦਰ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਸ ਬਿਊਰੋ ਥਾਣਾ ਪਟਿਆਲਾ ਵਿੱਚ ਪੁਲੀਸ ਅਧਿਕਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ।