ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਨਵੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਸੱਤਾਧਾਰੀ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਪ੍ਰਤੀ ਜਤਾਏ ਜਾ ਰਹੇ ਪ੍ਰੇਮ ਨੂੰ ਚਿੰਤਾਜਨਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਇਹ ਪ੍ਰੇਮ ਦੇਸ਼ (ਭਾਰਤ) ਅਤੇ ਪੰਜਾਬ ਦੀ ਅੰਦਰੂਨੀ ਸੁਰੱਖਿਆ ਲਈ ਖ਼ਤਰਨਾਕ ਹੈ। ਰਾਘਵ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਅਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਸਮੇਤ ਪੰਜਾਬ ਪੁਲੀਸ ਸਰਹੱਦ ਪਾਰ ਪਾਕਿਸਤਾਨ ਤੋਂ ਭੇਜੇ ਜਾਣ ਵਾਲੇ ਡਰੋਨ, ਟਿਫ਼ਨ ਬੰਬ ਅਤੇ ਨਸ਼ਾ ਸਮੇਂ-ਸਮੇਂ ’ਤੇ ਫੜਦੀ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦਾ ਪਾਕਿਸਤਾਨ ਪ੍ਰੇਮ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਖ਼ਤਰਾ ਬਣ ਚੁੱਕਿਆ ਹੈ। ਅਜਿਹੇ ਸਮੇਂ ’ਚ ਸੱਤਾਧਾਰੀ ਕਾਂਗਰਸ ਵੱਲੋਂ ਪਾਕਿਸਤਾਨੀ ਨੇਤਾ ਨੂੰ ਗਲੇ ਲਾਉਣਾ ਅਫ਼ਸੋਸਜਨਕ ਹੈ।