ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਨਵੰਬਰ
ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਜੰਤਰ-ਮੰਤਰ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਵਿਧਾਇਕਾਂ ਨਾਲ ਦਿੱਤੇ ਧਰਨੇ ਦੌਰਾਨ ਕਿਹਾ ਕਿ ਕੇਂਦਰ ਨੇ ਸੰਘੀ ਢਾਂਚੇ ’ਤੇ ਹੱਲਾ ਬੋਲਿਆ ਹੈ ਅਤੇ ਕਿਸਾਨਾਂ ਨੂੰ ਕਾਲੇ ਅੰਗਰੇਜ਼ਾਂ ਯਾਨੀ ਕਾਰਪੋਰੇਟਾਂ ਦੇ ਰਿਮੋਟ ਕੰਟਰੋਲ ਨਾਲ ਚੱਲਣ ਵਾਲੀ ਕਠਪੁਤਲੀ ਬਣਾਉਣ ਦੀ ਚਾਲ ਚੱਲੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਵੱਲੋਂ ਆਰਥਿਕ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ ਅਤੇ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਰਾਹੀਂ ਜ਼ਖੀਰੇਬਾਜ਼ੀ ਨੂੰ ਅਸਿੱਧੀ ਮਾਨਤਾ ਦੇ ਕੇ ਅੰਬਾਨੀ-ਅਡਾਨੀ ਦਾ ਪੱਖ ਪੂਰਿਆ ਗਿਆ ਹੈ। ਉਨ੍ਹਾਂ ਕਿਹਾ ਕਿ 17 ਲੱਖ ਕਰੋੜ ਦਾ ‘ਐੱਨਪੀਏ’ ਮੁਆਫ਼ ਕਰ ਦਿੱਤਾ ਗਿਆ ਜਦਕਿ ਗ਼ਰੀਬਾਂ ਨੂੰ ਸਬਸਿਡੀ ਨਾਲ ਸਾਰ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੇਂਦਰ ਪੰਜਾਬੀਆਂ ਨੂੰ ਗੋਡੇ ਹੇਠਾਂ ਦੱਬਣਾ ਚਾਹੁੰਦਾ ਹੈ ਪਰ ਪੰਜਾਬੀ ਸ਼ਾਨ ਨਾਲ ਜਿਊਣ ਵਾਲੇ ਹਨ ਜਿਸ ਕਰਕੇ ਉਹ ਨਹੀਂ ਝੁੱਕਣਗੇ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਬਹਾਨੇ ਪੰਜਾਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅਕਾਲੀਆਂ ਤੇ ‘ਆਪ’ ਨੂੰ ਕਿਸਾਨ ਸੰਘਰਸ਼ ਲਈ ਇੱਕ ਹੋਣ ਅਤੇ ਕੇਂਦਰ ਨਾਲ ਲੰਬੀ ਲੜਾਈ ਲੜਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਪੰਜਾਬ ਨਾਲ ਮਤਰੇਇਆ ਸਲੂਕ ਕੀਤਾ ਗਿਆ ਹੈ ਅਤੇ ਕਿਸਾਨਾਂ ’ਤੇ ਵੱਡੀ ਸੱਟ ਮਾਰੀ ਗਈ ਹੈ। ਉਨ੍ਹਾਂ ਕਿਹਾ ਕਿ 1966 ਤੋਂ ਪਹਿਲਾਂ ਦੀ ਕਿਸਾਨਾਂ ਅਤੇ ਆੜ੍ਹਤੀਏ ਵਿਚਕਾਰ ਬਣੀ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਨਾਲ ਪਹਿਲਾਂ ਵੀ ਧੱਕਾ ਹੁੰਦਾ ਆਇਆ ਹੈ। ਉਨ੍ਹਾਂ ਕਿਹਾ ਕਿ ਹੁਣ ਪ੍ਰਦਰਸ਼ਨਕਾਰੀਆਂ ਨੂੰ ਟਿੱਚਰਾਂ ਕਰਕੇ ਤੇ ਚਿੜਾ ਕੇ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਿਤਾ ਦੀ ਸਮਾਧੀ ’ਤੇ ਵੀ ਨਹੀਂ ਜਾਣ ਦਿੱਤਾ ਗਿਆ ਅਤੇ ਰਾਸ਼ਟਰਪਤੀ ਨੇ ਵੀ ਮਿਲਣ ਤੋਂ ਨਾਂਹ ਕਰ ਦਿੱਤੀ ਹੈ।