ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਨਵਜੋੋਤ ਸਿੰਘ ਸਿੱਧੂ ਅੱਜ ਵਿਧਾਇਕ ਰਾਜ ਕੁਮਾਰ ਵੇਰਕਾ ਅਤੇ ਇੰਦਰਬੀਰ ਸਿੰਘ ਬੁਲਾਰੀਆ ਸਮੇਤ ਹੋਰ ਕਾਂਗਰਸੀ ਆਗੂਆਂ ਨੂੰ ਲੈ ਕੇ ਹਲਕਾ ਜੰਡਿਆਲਾ ਗੁਰੂ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਘਰ ਪੁੱਜੇ ਸਨ ਜਿੱਥੇ ਉਨ੍ਹਾਂ ਭਲਕ ਦੇ ਪ੍ਰੋਗਰਾਮ ਅਤੇ ਨਵੀਂ ਰਣਨੀਤੀ ਬਾਰੇ ਵਿਚਾਰ ਚਰਚਾ ਕੀਤੀ। ਇਸ ਦੌਰਾਨ ਨਵੇਂ ਬਣੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਤੇ ਕਾਂਗਰਸ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਚਾਰ ਕਾਰਜਕਾਰੀ ਪ੍ਰਧਾਨਾਂ ਅਤੇ ਹੋਰਨਾਂ ਵਿਧਾਇਕਾਂ ਤੇ ਅਹੁਦੇਦਾਰਾਂ ਵੱਲੋਂ ਭਲਕੇ 23 ਜੁਲਾਈ ਨੂੰ ਕੀਤੇ ਜਾ ਰਹੇ ਤਾਜਪੋਸ਼ੀ ਸਮਾਗਮ ਵਿਚ ਸ਼ਾਮਲ ਹੋਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਰਸਮੀ ਸੱਦਾ ਪੱਤਰ ਭੇਜਿਆ ਗਿਆ ਹੈ। ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਆਖਿਆ ਕਿ ਕੈਪਟਨ ਅਤੇ ਸਿੱਧੂ ਦੋਵੇਂ ਇਕ ਹਨ। ਜੇਕਰ ਕੈਪਟਨ ਪੰਜਾਬ ਕਾਂਗਰਸ ਦਾ ਸਰੀਰ ਹਨ ਤਾਂ ਸ੍ਰੀ ਸਿੱਧੂ ਇਸ ਦੀ ਰੂਹ ਹਨ। ਇਸ ਮੌਕੇ ਸ੍ਰੀ ਸਿੱਧੂ ਨੇ ਪਹਿਲਾਂ ਵਾਂਗ ਹੀ ਮੀਡੀਆ ਤੋਂ ਦੂਰੀ ਕਾਇਮ ਰੱਖੀ ਪਰ ਵਿਧਾਇਕ ਸ੍ਰੀ ਵੇਰਕਾ ਨੇ ਮੀਡੀਆ ਨਾਲ ਗੱਲ ਕਰਦਿਆਂ ਖੁਲਾਸਾ ਕੀਤਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਮੁੱਚੇ ਰੂਪ ਵਿੱਚ ਸੱਦਾ ਪੱਤਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਭਲਕ ਦਾ ਇਹ ਤਾਜਪੋਸ਼ੀ ਸਮਾਗਮ ਵਿਸ਼ੇਸ਼ ਸਮਾਗਮ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸਿੱਧੂ ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ ਬਣਾਏ ਪ੍ਰਧਾਨ ਹਨ ਅਤੇ ਭਲਕ ਦਾ ਇਹ ਸਮਾਗਮ ਵੀ ਕਾਂਗਰਸ ਦਾ ਆਪਣਾ ਸਮਾਗਮ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇਕਜੁੱਟ ਹੈ ਅਤੇ ਸਾਰੇ ਸੋਨੀਆ ਗਾਂਧੀ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਕੰਮ ਕਰਨਗੇ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਸ੍ਰੀ ਸਿੱਧੂ ਦੇ ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਨਾਲ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋ ਗਈ ਹੈ ਅਤੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਮੁੜ ਸੱਤਾ ਵਿਚ ਆਵੇਗੀ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਸਮੇਂ ਹੀ ਕਾਂਗਰਸੀ ਵਿਧਾਇਕਾਂ ਤੇ ਹੋਰਨਾਂ ਨੇ ਸ੍ਰੀ ਸਿੱਧੂ ਦੇ ਘਰ ਬੈਠ ਕੇ ਕੈਪਟਨ ਨੂੰ ਇਹ ਸੱਦਾ ਪੱਤਰ ਭੇਜਣ ਦਾ ਫ਼ੈਸਲਾ ਕੀਤਾ ਗਿਆ ਸੀ।