ਗੁਰਨਾਮ ਸਿੰਘ ਅਕੀਦਾ
ਕਪਿਲ ਸ਼ਰਮਾ ਦੇ ਸ਼ੋਅ ਤੋਂ ਪਰਤੇ ਨਵਜੋਤ ਸਿੰਘ ਸਿੱਧੂ ਆਪਣੇ ਪਰਿਵਾਰ ਸਮੇਤ ਲੰਡਨ ਪੁੱਜ ਗਏ ਹਨ। ਪੰਜਾਬ ਵਿੱਚ ਸਿਆਸਤ ਤੋਂ ਦੂਰੀ ਬਣਾ ਕੇ ਰੱਖਣ ਵਾਲੇ ਨਵਜੋਤ ਸਿੱਧੂ ਇਨ੍ਹੀਂ ਦਿਨੀਂ ਇੰਗਲੈਂਡ ਵਿੱਚ ਆਪਣੇ ਪਰਿਵਾਰ ਨਾਲ ਛੁੱਟੀਆਂ ਮਨਾ ਰਹੇ ਹਨ। ਕਪਿਲ ਸ਼ਰਮਾ ਸ਼ੋਅ ਦੀ ਸ਼ੂਟਿੰਗ ਦੇ ਵਿਚਕਾਰ, ਸਿੱਧੂ ਨੇ ਆਪਣੇ ਪਰਿਵਾਰ ਨੂੰ ਸਮਾਂ ਦੇਣ ਦਾ ਫ਼ੈਸਲਾ ਕੀਤਾ ਅਤੇ ਇੰਗਲੈਂਡ ਚਲੇ ਗਏ। ਸਿੱਧੂ ਨੇ ਹਾਲ ਹੀ ਵਿੱਚ ਇੱਕ ਵੀਡੀਓ ਵੀ ਪੋਸਟ ਕੀਤੀ ਹੈ, ਜਿਸ ਵਿੱਚ ਉਹ ਆਪਣੀ ਪਤਨੀ ਅਤੇ ਬੱਚਿਆਂ ਨਾਲ ਇੰਗਲੈਂਡ ਦੇ ਕੋਟਸਵੋਲਡਸ ਵਿੱਚ ਘੁੰਮਦੇ ਦਿਖਾਈ ਦੇ ਰਹੇ ਹਨ।
ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਸਿਆਸਤ ਤੋਂ ਦੂਰੀ ਬਣਾਉਣ ਤੋਂ ਬਾਅਦ ਹੁਣ ਪੂਰੀ ਤਰ੍ਹਾਂ ਪਰਿਵਾਰਕ ਜੀਵਨ ਅਤੇ ਟੀਵੀ ਸ਼ੋਅਜ਼ ’ਤੇ ਧਿਆਨ ਕੇਂਦਰਿਤ ਕੀਤਾ ਹੋਇਆ ਹੈ। ਸਾਲ 2022 ਦੀਆਂ ਚੋਣਾਂ ਵਿੱਚ ਹਾਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਕੁਝ ਸਮੇਂ ਲਈ ਸਰਗਰਮ ਦਿਖਾਈ ਦਿੱਤੇ ਪਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪ੍ਰਧਾਨ ਬਣਨ ਮਗਰੋਂ ਉਨ੍ਹਾਂ ਨੇ ਹੌਲੀ-ਹੌਲੀ ਸਿਆਸਤ ਤੋਂ ਦੂਰੀ ਬਣਾ ਲਈ। ਇਸ ਤੋਂ ਇਲਾਵਾ ਵਰ੍ਹਾ 2024 ਵਿੱਚ ਹੋਈਆਂ ਲੋਕ ਸਭਾ ਚੋਣਾਂ ਅਤੇ ਪੰਜਾਬ ਦੀਆਂ ਹੋਰ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਵੀ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਲਈ ਪ੍ਰਚਾਰ ਨਹੀਂ ਕੀਤਾ।