ਜੋਗਿੰਦਰ ਸਿੰਘ ਮਾਨ
ਮਾਨਸਾ, 3 ਅਗਸਤ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਕੀਤੀ ਗਈ ਪੁੱਛ-ਗਿੱਛ ਨੂੰ ਗੰਭੀਰਤਾ ਨਾਲ ਲੈਂਦਿਆਂ ਹੁਣ ਪੰਜਾਬ ਅਤੇ ਕੇਂਦਰ ਸਰਕਾਰ ਚੌਕਸ ਹੋ ਗਈ ਹੈ। ਪੰਜਾਬੀ ਗਾਇਕ ਦੇ ਕਤਲ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਦੇ ਸ਼ੂਟਰਾਂ ਤੋਂ ਬਾਅਦ ਹੁਣ ਰਾਜਸਥਾਨ ’ਚ ਫੜੇ ਗਏ ਅਰਸ਼ਦ ਖਾਨ ਦੇ ਇਸ ਮਾਮਲੇ ਵਿੱਚ ਸਿੱਧੇ ਰੂਪ ਵਿੱਚ ਜੁੜੇ ਹੋਣ ਮਗਰੋਂ ਹੋਰ ਪਰਤਾਂ ਖੁੱਲ੍ਹ ਰਹੀਆਂ ਹਨ। ਕੇਂਦਰ ਵੱਲੋਂ ਗੈਂਗਸਟਰਾਂ ਦੇ ਆਪਸੀ ਗੱਠਜੋੜ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਲਈ ਹੁਣ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਸਮੇਤ ਹੋਰਨਾਂ ਨੂੰ ਭਾਰਤ ਲਿਆਉਣ ਲਈ ਉਪਰਾਲੇ ਆਰੰਭੇ ਗਏ ਹਨ। ਇੱਕ ਪੁਲੀਸ ਅਧਿਕਾਰੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਲਈ ਮਾਨਸਾ ਪੁਲੀਸ ਫੜੇ ਗਏ ਸ਼ੂਟਰਾਂ ਤੋਂ ਲਗਾਤਾਰ ਪੁੱਛ-ਗਿੱਛ ਕਰ ਰਹੀ ਹੈ ਪਰ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਕਮਾਨ ਕੌਮੀ ਜਾਂਚ ਏਜੰਸੀ (ਐੱਨਆਈਏ) ਦੇ ਡਾਇਰੈਕਟਰ ਜਨਰਲ (ਡੀਜੀ) ਦਿਨਕਰ ਗੁਪਤਾ ਨੂੰ ਸੌਂਪੀ ਗਈ ਹੈ। ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਮਾਰੇ ਗਏ ਸ਼ਾਰਪ ਸ਼ੂਟਰ ਜਗਰੂਪ ਰੂਪਾ ਤੇ ਮਨਪ੍ਰੀਤ ਮੰਨੂ ਸਬੰਧੀ ਜਾਂਚ ਤੋਂ ਬਾਅਦ ਪੁਲੀਸ ਨੂੰ ਪਤਾ ਲੱਗਾ ਹੈ ਕਿ ਦੋਵੇਂ ਸਰਹੱਦੀ ਖੇਤਰ ਨੇੜੇ ਵੀ ਗਏ ਸਨ ਤਾਂ ਕਿ ਉਹ ਪਾਕਿਸਤਾਨ ਭੱਜ ਸਕਣ। ਪੁਲੀਸ ਅਨੁਸਾਰ ਉਥੇ ਉਨ੍ਹਾਂ ਬੱਬਰ ਖਾਲਸਾ ਦੇ ਗੈਂਗਸਟਰ ਹਰਵਿੰਦਰ ਰਿੰਦਾ ਦਾ ਸਮਰਥਨ ਹਾਸਲ ਕਰਨਾ ਸੀ। ਪੁਲੀਸ ਅਧਿਕਾਰੀ ਅਨੁਸਾਰ ਕੇਂਦਰ ਲਗਾਤਾਰ ਮਾਨਸਾ ਪੁਲੀਸ ਦੇ ਸੰਪਰਕ ਵਿੱਚ ਹੈ। ਵੇਰਵਿਆਂ ਤੋਂ ਪਤਾ ਲੱਗਿਆ ਹੈ ਕਿ ਹੁਣ ਐੱਨਆਈਏ ਦੀ ਜਾਂਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ’ਤੇ ਕੇਂਦਰਿਤ ਹੋਵੇਗੀ। ਇਨ੍ਹਾਂ ਰਾਜਾਂ ਵਿੱਚ ਜ਼ਿਆਦਾਤਰ ਗੈਂਗਸਟਰ ਸਰਗਰਮ ਹਨ। ਇਸ ਤੋਂ ਇਲਾਵਾ ਕੌਮੀ ਰਾਜਧਾਨੀ ਦਿੱਲੀ ਵਿੱਚ ਵੀ ਗੈਂਗਸਟਰਾਂ ਦੀ ਸਰਗਰਮੀ ਸਬੰਧੀ ਜਾਂਚ ਕੀਤੀ ਜਾਵੇਗੀ, ਜਦਕਿ ਕੈਨੇਡਾ ’ਚ ਬੈਠੇ ਗੈਂਗਸਟਰ ਵੀ ਐੱਨਆਈਏ ਦੀ ਰਾਡਾਰ ’ਤੇ ਹੋਣਗੇ। ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਪਹਿਲਾਂ ਹੀ ਮੰਨ ਚੁੱਕੀ ਹੈ ਕਿ ਵਿਦੇਸ਼ੀ ਧਰਤੀ ’ਤੇ ਬੈਠੇ ਗੈਂਗਸਟਰ ਨੌਜਵਾਨਾਂ ਨੂੰ ਪੈਸੇ ਦੇ ਕੇ ਉਥੇ ਵਸਣ ਦਾ ਲਾਲਚ ਦੇ ਕੇ ਉਨ੍ਹਾਂ ਤੋਂ ਹਿੰਸਕ ਕਾਰਵਾਈਆਂ ਕਰਵਾ ਰਹੇ ਹਨ। ਮਾਨਸਾ ਦੇ ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਪੁਲੀਸ ਵੱਲੋਂ ਕੀਤੀ ਗਈ ਪੁੱਛ-ਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਗੈਂਗਸਟਰ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਬਾਅਦ ਇੱਕ ਤੋਂ ਵੱਧ ਸੂਬਿਆਂ ਵਿੱਚ ਲੁਕਣ ਦੀਆਂ ਥਾਵਾਂ ਵਰਤਦੇ ਹਨ ਤੇ ਹੋਰਨਾਂ ਗਰੋਹਾਂ ਨਾਲ ਮਿਲ ਕੇ ਵੱਡੀਆਂ ਹਿੰਸਕ ਵਾਰਦਾਤਾਂ ਨੂੰ ਅੰਜਾਮ ਦੇਣ ਦੀਆਂ ਵਿਉਂਤਾਂ ਘੜ੍ਹਦੇ ਹਨ।