ਜੋਗਿੰਦਰ ਸਿੰਘ ਮਾਨ
ਮਾਨਸਾ, 5 ਜੁਲਾਈ
ਮਾਨਸਾ ਪੁਲੀਸ ਨੇ ਅੱਜ ਵੱਡੇ ਤੜਕੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋ ਸ਼ੂਟਰਾਂ ਸਮੇਤ ਚਾਰ ਮੁਲਜ਼ਮਾਂ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਟਰਾਂਜ਼ਿਟ ਰਿਮਾਂਡ ਹਾਸਲ ਕਰਨ ਤੋਂ ਬਾਅਦ ਮਾਨਸਾ ਦੇ ਸੀਆਈਏ ਪੁਲੀਸ ਸਟੇਸ਼ਨ ਲਿਆਂਦਾ ਗਿਆ ਲਿਆ ਹੈ। ਇਨ੍ਹਾਂ ਨੂੰ ਅੱਜ ਇਥੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਇਨ੍ਹਾਂ ਦਾ 8 ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ। ਇਨ੍ਹਾਂ ਨੂੰ ਮਾਨਸਾ ਸੀਆਈਏ ਵਿੱਚ ਰੱਖਿਆ ਜਾਵੇਗਾ ਤੇ ਸਾਰਿਆਂ ਤੋਂ ਲਾਰੈਂਸ ਬਿਸ਼ਨੋਈ ਸਾਹਮਣੇ ਪੁੱਛ-ਪੜਤਾਲ ਕੀਤੀ ਜਾਵੇਗੀ। ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪਿੰਡ ਜਵਾਹਰਕੇ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਨ੍ਹਾਂ ਵਿੱਚ ਪ੍ਰਿਯਵਰਤ ਉਰਫ਼ ਫ਼ੌਜੀ (ਮੁੱਖ ਨਿਸ਼ਾਨੇਬਾਜ਼), ਕਸ਼ਿਸ਼ ਉਰਫ਼ ਕੁਲਦੀਪ (ਸ਼ੂਟਰ), ਦੀਪਕ ਉਰਫ ਟੀਨੂੰ (ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਹਿਯੋਗੀ) ਅਤੇ ਕੇਸ਼ਵ ਕੁਮਾਰ ਸ਼ਾਮਲ ਹਨ। ਮਾਨਸਾ ਪੁਲੀਸ ਦੇ ਅਧਿਕਾਰੀ ਨੇ ਦੱਸਿਆ ਕਿ ਚਾਰਾਂ ਜਣਿਆਂ ਦਾ ਅੱਜ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਾਉਣ ਤੋਂ ਬਾਅਦ ਇਥੋਂ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।