ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ
ਭਾਜਪਾ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਨੇ ਪੰਜਾਬ ਵਿੱਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਲਈ ਮੌਜੂਦਾ ਭਗਵੰਤ ਮਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਵਿੱਚ ਮਸ਼ਰੂਫ਼ ਹੈ। ਇਸ ਦੀ ਤਾਜ਼ਾ ਮਿਸਾਲ ਪੰਜਾਬ ਦੇ ਨੌਜਵਾਨ ਸਟਾਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਮਿਲਦੀ ਹੈ। ਸ੍ਰੀ ਮਿੱਤਲ ਨੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਦੇ ਲਈ ਸਖਤ ਸਜ਼ਾ ਦੇ ਨਾਲ ਨਾਲ ਉਸ ਦੀ ਸਿਕਿਉਰਿਟੀ ਨੂੰ ਘੱਟ ਕਰਨ ਦੇ ਲਈ ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵਿੱਚੋਂ ਕਿਸੇ ਇੱਕ ਨੂੰ ਸਰਬ ਸਾਂਝਾ ਆਜ਼ਾਦ ਉਮੀਦਵਾਰ ਬਣਾਉਣ ਲਈ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ।