ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 28 ਸਤੰਬਰ
ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਅਸਤੀਫ਼ੇ ਤੋਂ ਬਾਅਦ ਸਿਆਸੀ ਪਾਰਟੀਆਂ ਵੱਲੋਂ ਇਸ ਮਾਮਲੇ ਤੇ ਸਖ਼ਤ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਇਹ ਅਸਤੀਫ਼ਾ ਕੁਰਸੀ ਦੀ ਲਾਲਸਾ ਖਾਤਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਪਹਿਲਾਂ ਹੀ ਅਨੁਮਾਨ ਸੀ ਕਿ ਕਾਂਗਰਸ ਦੇ ਆਗੂ ਕਦੇ ਵੀ ਇਕੱਠੇ ਨਹੀਂ ਰਹਿ ਸਕਦੇ ਅਤੇ ਨਾ ਹੀ ਇਕੱਠੇ ਹੋ ਕੇ ਸਰਕਾਰ ਚਲਾ ਸਕਦੇ ਹਨ। ਉਨ੍ਹਾਂ ਦਾ ਇਹ ਅਨੁਮਾਨ ਸਹੀ ਸਾਬਤ ਹੋਇਆ ਹੈ ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸੀਆਂ ਨੇ ਪੰਜਾਬ ਦੇ ਲੋਕਾਂ ਦਾ ਸ਼ੋਸ਼ਣ ਕੀਤਾ ਅਤੇ ਧੋਖਾ ਕੀਤਾ ਹੈ। ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਵੀ ਦੋਸ਼ ਲਾਇਆ ਕਿ ਸਿੱਧੂ ਨੇ ਕੁਰਸੀ ਦੀ ਲਾਲਸਾ ਖਾਤਰ ਅਸਤੀਫ਼ਾ ਦਿੱਤਾ ਹੈ ਉਹ ਮੁੱਖ ਮੰਤਰੀ ਬਣਨਾ ਚਾਹੁੰਦੇ ਸਨ ਪਰ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਉਨ੍ਹਾਂ ਦੀ ਇਹ ਇੱਛਾ ਪੂਰੀ ਨਹੀਂ ਹੋਈ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਇਸੇ ਇੱਛਾ ਦੇ ਕਾਰਨ ਹੀ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਅਹੁਦੇ ਤੋਂ ਹਟਾਉਣ ਲਈ ਦਬਾਅ ਬਣਾਇਆ ਸੀ।