ਪਾਲ ਸਿੰਘ ਨੌਲੀ
ਜਲੰਧਰ, 29 ਜੁਲਾਈ
ਮੁੱਖ ਅੰਸ਼
- ਨਿੱਜੀ ਕੰਪਨੀਆਂ ਨਾਲ ਸਮਝੌਤੇ ਸਸਤੀ ਬਿਜਲੀ ਦੇਣ ’ਚ ਮੁੱਖ ਅੜਿੱਕਾ ਕਰਾਰ
ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਵਰਕਰਾਂ ਅਤੇ ਵਿਧਾਇਕਾਂ ਨੂੰ ਸਿੱਧੇ ਤੌਰ ’ਤੇ ਮਿਲਣ ਦਾ ਸਿਲਸਿਲਾ ਦੋਆਬੇ ਤੋਂ ਸ਼ੁਰੂ ਕੀਤਾ ਹੈ। ਉਨ੍ਹਾਂ ਨੇ ਅੱਜ ਜਲੰਧਰ ਦੇ ਸਾਰੇ ਕਾਂਗਰਸੀ ਵਿਧਾਇਕਾਂ, ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਕਾਂਗਰਸ ਭਵਨ ਵਿੱਚ ਗੱਲਬਾਤ ਕੀਤੀ। ਇਸ ਦੇ ਨਾਲ ਹੀ ਦੁਪਹਿਰ ਨੂੰ ਕਪੂਰਥਲਾ ਜ਼ਿਲ੍ਹੇ ਦੇ ਕਾਂਗਰਸੀ ਆਗੂਆਂ ਨਾਲ ਗੱਲਬਾਤ ਕੀਤੀ। ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਹੀ ਹਾਜ਼ਰ ਹੋਏ ਜਦਕਿ ਰਾਣਾ ਗੁਰਜੀਤ ਸਿੰਘ, ਨਵਤੇਜ ਸਿੰਘ ਚੀਮਾ ਤੇ ਸੁਖਪਾਲ ਸਿੰਘ ਖਹਿਰਾ ਗ਼ੈਰਹਾਜ਼ਰ ਰਹੇ। ਇਸੇ ਦੌਰਾਨ ਮਹਿੰਦਰ ਸਿੰਘ ਕੇ.ਪੀ. ਅਤੇ ਜਗਬੀਰ ਬਰਾੜ ਵੀ ਸਿੱਧੂ ਦੀ ਫੇਰੀ ਮੌਕੇ ਸਮਾਗਮ ’ਚ ਨਾ ਪੁੱਜੇ। ਇਸ ਮੌਕੇ ਸਿੱਧੂ ਨੇ ਪੱਤਰਕਾਰਾਂ ਦੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ ਸਗੋਂ ਉਨ੍ਹਾਂ ਨੇ ਆਪਣੀ ਗੱਲ ਹੀ ਲੋਕਾਂ ਸਾਹਮਣੇ ਰੱਖੀ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪਾਰਟੀ ਵਰਕਰਾਂ ਵਿੱਚ ਬਹੁਤ ਜ਼ਿਆਦਾ ਉਤਸ਼ਾਹ ਹੈ ਤੇ ਉਹ ਇਨ੍ਹਾਂ ਰਾਹੀਂ ਹਰ ਪੰਜਾਬੀ ਨਾਲ ਸੰਪਰਕ ਕਰਨਾ ਚਾਹੁੰਦੇ ਹਨ। ਕਾਂਗਰਸ ਹਾਈਕਮਾਨ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੇ ਗਏ 18 ਨੁਕਾਤੀ ਪ੍ਰੋਗਰਾਮ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰੋਗਰਾਮ ਲਾਗੂ ਹੋ ਕੇ ਰਹੇਗਾ ਤੇ ਇਸ ਨੂੰ ਲਾਗੂ ਕਰਨਾ ਪਵੇਗਾ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ’ਚ ਮਤਾ ਲਿਆਉਣ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਜਿਵੇਂ ਐੱਸਵਾਈਐੱਲ ’ਤੇ ਪੰਜਾਬ ਨੇ ਸਟੈਂਡ ਲਿਆ ਸੀ, ਉਸੇ ਤਰ੍ਹਾਂ ਇਨ੍ਹਾਂ ਬਿੱਲਾਂ ਬਾਰੇ ਵੀ ਸਟੈਂਡ ਲਿਆ ਜਾਵੇ। ਇਨ੍ਹਾਂ ਬਿੱਲਾਂ ਵਿਚ ਸੋਧਾਂ ਨਾਲ ਨਹੀਂ ਸਗੋਂ ਇਨ੍ਹਾਂ ਨੂੰ ਸਿਰੇ ਤੋਂ ਨਕਾਰਨ ਨਾਲ ਹੀ ਕੁਝ ਬਣਨਾ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਖੇਤੀ ਬਾਰੇ ਕਾਨੂੰਨ ਬਣਾ ਕੇ ਸੰਘੀ ਢਾਂਚੇ ’ਤੇ ਹਮਲਾ ਕੀਤਾ ਗਿਆ ਹੈ। ਇਨ੍ਹਾਂ ਕਾਨੂੰਨਾਂ ਰਾਹੀਂ ਸੂਬਿਆਂ ਦੇ ਅਧਿਕਾਰ ਖੋਹੇ ਗਏ ਹਨ। ਖੇਤੀਬਾੜੀ ਨੂੰ ਸੂਬੇ ਦਾ ਵਿਸ਼ਾ ਦੱਸਦਿਆਂ ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਪੰਜਾਬੀ ਲਾਗੂ ਨਹੀਂ ਹੋਣ ਦੇਣਗੇ।
ਸ੍ਰੀ ਸਿੱਧੂ ਨੇ ਸਸਤੀ ਬਿਜਲੀ ਦੇ ਮਾਮਲੇ ਵਿੱਚ ਦਿੱਲੀ ਮਾਡਲ ਨੂੰ ਰਗੜਾ ਲਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ 10 ਹਜ਼ਾਰ ਕਰੋੜ ਦੀ ਸਬਸਿਡੀ ਕਿਸਾਨਾਂ ਤੇ ਗਰੀਬ ਵਰਗ ਨੂੰ ਬਿਜਲੀ ’ਤੇ ਦਿੰਦੀ ਹੈ ਜਦਕਿ ਦਿੱਲੀ ਵਿਚ ਸਿਰਫ 1,700 ਕਰੋੜ ਦਿੱਤੀ ਜਾਂਦੀ ਹੈ। ਪੰਜਾਬ ਵਿੱਚ ਉਤਪਾਦਨ ਹੋਣ ਦੇ ਬਾਵਜੂਦ 18 ਪੈਸੇ ਸਸਤੀ ਬਿਜਲੀ ਦਿੱਤੀ ਜਾਂਦੀ ਹੈ ਤੇ ਸਰਕਾਰ ਖ਼ੁਦ ਨੁਕਸਾਨ ਝੱਲਦੀ ਹੈ। ਜਦਕਿ ਦਿੱਲੀ ਵਿਚ ਟਾਟਾ ਤੇ ਰਿਲਾਇੰਸ ਬਿਜਲੀ ਸਪਲਾਈ ਕਰਦੇ ਹਨ, ਜਿਹੜੀ ਕਿ ਪੰਜਾਬ ਨਾਲੋਂ ਮਹਿੰਗੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ ਦੇਣ ਦੀ ਹਮਾਇਤ ਕਰਦਿਆਂ ਕਿਹਾ ਕਿ ਇਸ ਵਿੱਚ ਸਭ ਤੋਂ ਵੱਡਾ ਅੜਿੱਕਾ ਬਾਦਲ ਸਰਕਾਰ ਵੇਲੇ ਕੀਤੇ ਗਏ ਸਮਝੌਤੇ ਹਨ। ਇਨ੍ਹਾਂ ਸਮਝੌਤਿਆਂ ਨਾਲ ਹੀ ਲੋਕਾਂ ਦੇ ਹਿੱਤ ਖੋਹੇ ਗਏ ਹਨ। ਸੋਲਰ ਊਰਜਾ ਦੇ ਵੀ ਗਲਤ ਠੇਕੇ ਹੋਏ ਹਨ ਜਦਕਿ ਸੋਲਰ ਊਰਜਾ ਨਾਲ 1 ਰੁਪਏ 99 ਪੈਸੇ ਪ੍ਰਤੀ ਯੂਨਿਟ ਬਿਜਲੀ ਉਪਲੱਬਧ ਹੈ ਪਰ ਮਜੀਠੀਆ ਨੇ ਇਹ ਠੇਕਾ 7 ਰੁਪਏ ਤੇ 17 ਰੁਪਏ ਪ੍ਰਤੀ ਯੂਨਿਟ ’ਤੇ ਕੀਤਾ ਹੋਇਆ ਹੈ।
ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ, ਡਾਕਟਰਾਂ, ਨਰਸਾਂ, ਸਫ਼ਾਈ ਕਰਮਚਾਰੀਆਂ ਨਾਲ ਸੰਪਰਕ ਕਰਨ ਅਤੇ ਸੰਵਾਦ ਰਚਾਉਣ ਦੀ ਹਮਾਇਤ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਇਨ੍ਹਾਂ ਵਰਗਾਂ ਲਈ ਦਿਲਾਂ ਦੇ ਦਰਵਾਜ਼ੇ ਖੋਲ੍ਹਣੇ ਚਾਹੀਦੇ ਹਨ ਅਤੇ ਸੂਬੇ ਨੂੰ ਆਪਣੀ ਵਿੱਤੀ ਸਮਰੱਥਾ ਅਨੁਸਾਰ ਮਸਲੇ ਹੱਲ ਕਰਨੇ ਚਾਹੀਦੇ ਹਨ। ਸ੍ਰੀ ਸਿੱਧੂ ਨੇ ਮੁੜ ਦੁਹਰਾਇਆ ਕਿ 17 ਸਾਲਾਂ ਤੋਂ ਉਨ੍ਹਾਂ ਦਾ ਜਿਹੜਾ ਸਟੈਂਡ ਸੀ ਉਸ ’ਤੇ ਅੱਜ ਵੀ ਖੜ੍ਹੇ ਹਨ। ਇਸ ਮੌਕੇ ਉਨ੍ਹਾਂ ਨਾਲ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ, ਹਰਦੇਵ ਸਿੰਘ ਲਾਡੀ, ਸੁਸ਼ੀਲ ਰਿੰਕੂ, ਰਾਜਿੰਦਰ ਬੇਰੀ ਤੇ ਬਾਵਾ ਹੈਨਰੀ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਏਪੁਰ, ਸੁਖਵਿੰਦਰ ਸਿੰਘ ਲਾਲੀ ਤੇ ਹੋਰ ਆਗੂ ਹਾਜ਼ਰ ਸਨ।
‘ਪੰਜ ਨੁਕਾਤੀ ਪ੍ਰੋਗਰਾਮ ਨੂੰ ਬੂਰ ਪੈਣਾ ਸ਼ੁਰੂ’
ਸ੍ਰੀ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੂੰ ਦਿੱਤੇ ਗਏ ਪੰਜ ਨੁਕਾਤੀ ਪ੍ਰੋਗਰਾਮ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਇਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਗਈ ਹੈ। ਬੇਅਦਬੀ ਕਾਂਡ ਨੂੰ ਹੀ ਵੋਟਾਂ ਦਾ ਧਰੁਵੀਕਰਨ ਕਰਨ ਲਈ ਗੁਰੂ ਗ੍ਰੰਥ ਸਾਹਿਬ ਦੇ ਅੰਗ ਖਿਲਾਰੇ ਗਏ ਸਨ। ਉਨ੍ਹਾਂ ਨੇ ਨਸ਼ਿਆਂ ਦੇ ਮਾਮਲੇ ਵਿੱਚ ਮਜੀਠੀਆ ਦਾ ਨਾਂ ਲਏ ਬਿਨਾਂ ਕਿਹਾ ਕਿ ਐੱਸਟੀਐੱਫ ਵੱਲੋਂ ਜਿਹੜੀ ਜਾਂਚ ਰਿਪੋਰਟ ਬੰਦ ਲਿਫਾਫੇ ਵਿੱਚ ਹਾਈਕੋਰਟ ਨੂੰ ਦਿੱਤੀ ਗਈ ਹੈ, ਉਹ ਲਿਫਾਫਾ ਖੁੱਲ੍ਹਣਾ ਚਾਹੀਦਾ ਹੈ। ਪੰਜਾਬ ਸਰਕਾਰ ਨੂੰ 6 ਫੁੱਟ 4 ਇੰਚ ਦਾ ਡਰਾਉਣਾ ਟੰਗਣਾ ਚਾਹੀਦਾ ਸੀ।