ਸਿਕੰਦਰ ਸਿੰਘ ਮਲੂਕਾ ਮੁੜ ਅਕਾਲੀ ਦਲ ਵਿੱਚ ਸ਼ਾਮਲ
ਅਕਾਲੀ ਜੰਮਿਆ ਹਾਂ, ਅਕਾਲੀ ਹੀ ਮਰਾਂਗਾ: ਮਲੂਕਾ; ਹੋਰ ਬਾਗੀ ਆਗੂਆਂ ਦੇ ਵੀ ਪਾਰਟੀ ’ਚ ਮੁੜ ਤੋਂ ਸ਼ਾਮਲ ਹੋਣ ਦਾ ਦਿੱਤਾ ਸੰਕੇਤ
ਅਰਚਿਤ ਵਾਟਸ/ਮਨੋਜ ਸ਼ਰਮਾ
ਬਠਿੰਡਾ, 14 ਜੂਨ
ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਅੱਜ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਵੱਲੋਂ ਮਲੂਕਾ ਨੂੰ ਅਨੁਸ਼ਾਸਨੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਠੀਕ ਇਕ ਸਾਲ ਬਾਅਦ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕਰ ਲਿਆ।
ਇਸ ਦੌਰਾਨ, ਟ੍ਰਿਬਿਊਨ ਸਮੂਹ ਨਾਲ ਗੱਲਬਾਤ ਦੌਰਾਨ ਮਲੂਕਾ ਨੇ ਕਿਹਾ, ‘‘ਮੈਂ ਪਾਰਟੀ ਛੱਡੀ ਨਹੀਂ ਸੀ, ਬਲਕਿ ਉਨ੍ਹਾਂ ਨੇ ਮੈਨੂੰ ਅਤੇ ਕੁਝ ਹੋਰਾਂ ਨੂੰ ਕੱਢ ਦਿੱਤਾ ਸੀ। ਹੁਣ ਮੈਂ ਆਪਣੀ ਪਾਰਟੀ ਵਿੱਚ ਵਾਪਸ ਆ ਗਿਆ ਹਾਂ। ਮੈਂ ਪਹਿਲਾਂ ਹੀ ਆਪਣੇ ਪੁੱਤਰ ਅਤੇ ਨੂੰਹ ਨੂੰ ਦੱਸ ਦਿੱਤਾ ਸੀ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸ ਜਾਵਾਂਗਾ ਅਤੇ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਸੀ। ਮੈਂ ਕੱਲ੍ਹ ਰਾਤ ਅਤੇ ਅੱਜ ਸਵੇਰੇ ਵੀ ਉਨ੍ਹਾਂ ਨਾਲ ਗੱਲ ਕੀਤੀ। ‘ਮੈਂ ਅਕਾਲੀ ਜੰਮਿਆ ਹਾਂ ਅਤੇ ਅਕਾਲੀ ਹੀ ਮਰਾਂਗਾ।’’
ਇਹ ਪੁੱਛੇ ਜਾਣ ’ਤੇ ਕਿ ਕੀ ਉਨ੍ਹਾਂ ਦੇ ਪਰਿਵਾਰ ਦੇ ਹੋਰ ਮੈਂਬਰਾਂ ਦੇ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀ ਆਸ ਹੈ, ਮਲੂਕਾ ਨੇ ਕਿਹਾ, ‘‘ਮੈਂ ਨਾ ਤਾਂ ਉਨ੍ਹਾਂ ਨੂੰ ਪੁੱਛਿਆ ਹੈ ਤੇ ਨਾ ਹੀ ਉਨ੍ਹਾਂ ਨੇ ਕੋਈ ਇੱਛਾ ਜ਼ਾਹਿਰ ਕੀਤੀ ਹੈ।’’ ਇਹ ਪੁੱਛੇ ਜਾਣ ’ਤੇ ਕਿ ਕੀ ਕੋਈ ਹੋਰ ਬਾਗ਼ੀ ਆਗੂ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਤੋਂ ਸ਼ਾਮਲ ਹੋਣ ਲਈ ਤਿਆਰ ਹੈ, ਉਨ੍ਹਾਂ ਕਿਹਾ, ‘‘ਸਿਆਸਤ ਵਿੱਚ ਕੁਝ ਵੀ ਹੋ ਸਕਦਾ ਹੈ। ਮੈਂ ਵਾਪਸ ਆ ਗਿਆ ਹਾਂ ਅਤੇ ਹੋਰ ਵੀ ਵਾਪਸ ਆ ਸਕਦੇ ਹਨ। ਸਿਆਸਤ ਪਿਆਰ ਨਾਲ ਕੀਤੀ ਜਾਂਦੀ ਹੈ। ਮੈਂ ਪਾਰਟੀ ਵਿੱਚ ਕੋਈ ਜ਼ਿੰਮੇਵਾਰੀ ਨਹੀਂ ਮੰਗੀ ਹੈ।’’
ਬਾਦਲਾਂ ਦੇ ਨੇੜਲੇ ਸਹਿਯੋਗੀ ਰਹੇ ਮਲੂਕਾ 28 ਸਾਲਾਂ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਜ਼ਿਲ੍ਹਾ ਪ੍ਰਧਾਨ ਰਹੇ। ਉਨ੍ਹਾਂ ਦੀ ਨੂੰਹ ਪਰਮਪਾਲ ਕੌਰ ਸਿੱਧੂ ਜੋ ਕਿ ਇਕ ਸਾਬਕਾ ਆਈਏਐੱਸ ਅਧਿਕਾਰੀ ਹੈ, ਨੇ ਪਿਛਲੇ ਸਾਲ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਭਾਜਪਾ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜੀ ਸੀ ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਮਲੂਕਾ ਦੇ ਪੁੱਤਰ ਗੁਰਪ੍ਰੀਤ ਸਿੰਘ ਬਠਿੰਡਾ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਹਨ। ਉਸ ਸਮੇਂ ਮਲੂਕਾ ਨੇ ਕਿਹਾ ਸੀ ਕਿ ਉਨ੍ਹਾਂ ਨੇ ਆਪਣੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਅਤੇ ਨੂੰਹ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਸਫ਼ਲ ਨਹੀਂ ਹੋਏ।
ਪਿਛਲੇ ਸਾਲ ਅਪਰੈਲ ਵਿੱਚ ਉਨ੍ਹਾਂ ਨੂੰ ਅਕਾਲੀ ਦਲ ਦੇ ਮੌੜ ਵਿਧਾਨ ਸਭਾ ਖੇਤਰ ਦੇ ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਪਾਰਟੀ ਨੇ ਉਨ੍ਹਾਂ ਦੀ ਜਗ੍ਹਾ ਇਕ ਹੋਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਨਿਯੁਕਤ ਕਰ ਦਿੱਤਾ ਸੀ।
ਸੁਖਬੀਰ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਨਾਲ ਮਤਭੇਦ ਹੋਣ ਮਗਰੋਂ ਮਲੂਕਾ ‘ਸੁਧਾਰ ਲਹਿਰ’ ਵਿੱਚ ਸ਼ਾਮਲ ਹੋ ਕੇ ਪਾਰਟੀ ਤੋਂ ਬਾਗੀ ਹੋ ਗਏ ਸਨ। ਪਿਛਲੇ ਸਾਲ ਦਸੰਬਰ ਵਿੱਚ ਅਕਾਲ ਤਖ਼ਤ ਦੇ ਤਤਕਾਲੀ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ’ਤੇ ਸੁਧਾਰ ਲਹਿਰ ਨੂੰ ਭੰਗ ਕਰ ਦਿੱਤਾ ਗਿਆ ਸੀ।
ਪਿਛਲੇ ਕੁਝ ਦਿਨਾਂ ਤੋਂ ਕਿਆਸ ਲਗਾਏ ਜਾ ਰਹੇ ਸਨ ਕਿ ਮਲੂਕਾ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋੋਣਗੇ। ਹਾਲ ਹੀ ਵਿੱਚ ਸੰਗਰੂਰ ’ਚ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਭੋਗ ਮੌਕੇ ਵੀ ਉਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਨਾਲ ਬੈਠੇ ਹੋਏ ਦੇਖਿਆ ਗਿਆ ਸੀ।
ਲੁਧਿਆਣਾ ਪੱਛਮੀ ਵਿਧਾਨ ਸਭਾ ਖੇਤਰ ’ਚ ਪਾਰਟੀ ਦੀ ਪ੍ਰਚਾਰ ਮੁਹਿੰਮ ’ਚ ਸ਼ਾਮਲ ਹੋਣਗੇ ਮਲੂਕਾ: ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ‘ਐਕਸ’ ਉੱਤੇ ਪੋਸਟ ਪਾ ਕੇ ਕਿਹਾ, ‘‘ਮੈਨੂੰ ਸੀਨੀਅਰ ਅਕਾਲੀ ਆਗੂ ਸ੍ਰੀ ਸਿਕੰਦਰ ਸਿੰਘ ਮਲੂਕਾ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਤੋਂ ਸਵਾਗਤ ਕਰਦੇ ਹੋਏ ਬੇਹੱਦ ਖੁਸ਼ੀ ਹੋ ਰਹੀ ਹੈ। ਮਲੂਕਾ ਸਾਹਿਬ ਨੇ ਸ੍ਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਦਿੱਤਾ ਹੈ।’’
ਉਨ੍ਹਾਂ ਕਿਹਾ, ‘‘ਉਨ੍ਹਾਂ ਦੀ ਵਾਪਸੀ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਉਹ ਤੁਰੰਤ ਲੁਧਿਆਣਾ ਪੱਛਮੀ ਵਿਧਾਨ ਸਭਾ ਖੇਤਰ ਵਿੱਚ ਪਾਰਟੀ ਦੀ ਪ੍ਰਚਾਰ ਮੁਹਿੰਮ ਵਿੱਚ ਸ਼ਾਮਲ ਹੋਣਗੇ। ਪੰਜਾਬ ਦੇ ਲੋਕਾਂ ਦੇ ਸਮਰਥਨ ਨਾਲ ਅਕਾਲੀ ਦਲ ਹਰ ਰੋਜ਼ ਮਜ਼ਬੂਤ ਹੁੰਦਾ ਜਾ ਰਿਹਾ ਹੈ। ਮੈਂ ਸਾਰੇ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਸੂਬੇ ਦੀ ਸ਼ਾਂਤੀ ਅਤੇ ਵਿਕਾਸ ਲਈ ਪੰਜਾਬ ਦੀ ਇਕਮਾਤਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋਣ।’’
It gives me immense pleasure to welcome veteran Akali leader S. Sikandar Singh Maluka back to the Shiromani Akali Dal. Maluka Sahab has significantly contributed to strengthening the party under the leadership of S. Parkash Singh Ji Badal.
His return will further strengthen the… pic.twitter.com/w8nGKLgyhv
— Sukhbir Singh Badal (@officeofssbadal) June 14, 2025