ਸਿੱਖ ਕੌਮ ਗੁਰੂਘਰਾਂ ਦੀ ਰਾਖੀ ਕਰਨ ਦੇ ਸਮਰੱਥ: ਗਿਆਨੀ ਰਘਬੀਰ ਸਿੰਘ
ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸਿੱਖ ਜਗਤ ਨੂੰ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਵਧਾਈ ਦਿੰਦੇ ਹੋਏ ਕਿਹਾ ਕਿ ਸਿੱਖ ਕੌਮ ਗੁਰੂਘਰਾਂ ਦੀ ਰਾਖੀ ਕਰਨ ’ਚ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਨੇ ਇਹ ਗੱਲ ਇਥੇ ਕੇਂਦਰੀ ਬਲ ਤਾਇਨਾਤ ਕਰਨ ਸਬੰਧੀ ਦਿੱਤੇ ਸੁਝਾਅ ਦੇ ਮੱਦੇਨਜ਼ਰ ਆਖੀ ਹੈ। ਦਰਬਾਰ ਸਾਹਿਬ ਵਿਖੇ ਮੁੜ ਧਮਕੀ ਭਰੀ ਈਮੇਲ ਮਿਲਣ ਸਬੰਧੀ ਉਨ੍ਹਾਂ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ। ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਦਰਬਾਰ ਸਾਹਿਬ ਦੇ ਬਾਹਰ ਕੇਂਦਰੀ ਬਲ ਤਾਇਨਾਤ ਕਰਨ ਦੀ ਮੰਗ ਨਾਲ ਅਸਹਿਮਤੀ ਜਤਾਉਂਦਿਆਂ ਕਿਹਾ ਕਿ ਸਿੱਖ ਕੌਮ ਗੁਰੂਘਰਾਂ ਦੀ ਰਾਖੀ ਕਰਨ ਵਿੱਚ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਕਿਹਾ ਕਿ ਗੁਰੂਘਰ ਦੀ ਅੰਦਰੂਨੀ ਸੁਰੱਖਿਆ ਸੰਗਤ ਦਾ ਮਾਮਲਾ ਹੈ, ਜਦਕਿ ਸਰਕਾਰ ਨੂੰ ਸਿਰਫ਼ ਬਾਹਰੀ ਖ਼ਤਰੇ ਰੋਕਣ ਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਦੌਰਾਨ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਅਤੇ ਗੁਰੂ ਸਾਹਿਬ ਦੇ ਜੀਵਨ ਤੋਂ ਸਿੱਖਿਆ ਲੈ ਕੇ ਸਬਰ, ਨਿਮਰਤਾ ਤੇ ਸਮਰਪਣ ਦੇ ਰਾਹ ’ਤੇ ਤੁਰਨ ਦੀ ਅਪੀਲ ਕੀਤੀ।