ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 16 ਅਗਸਤ
ਸਿੱਖ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਦਲ ਖ਼ਾਲਸਾ, ਯੂਨਾਈਟਿਡ ਅਕਾਲੀ ਦਲ ਤੇ ਇਨ੍ਹਾਂ ਦੀਆਂ ਹੋਰ ਸਹਿਯੋਗੀ ਜਥੇਬੰਦੀਆਂ ਵਲੋਂ ਆਜ਼ਾਦੀ ਦਿਵਸ ਸਮਾਗਮਾਂ ਦਾ ਬਾਈਕਾਟ ਕਰਦਿਆਂ ਕਾਲੇ ਦਿਨ ਵਜੋਂ ਮਨਾਇਆ। ਇਨ੍ਹਾਂ ਨੇ ਪੰਜਾਬ ਵਿਚ ਵੱਖ-ਵੱਖ ਥਾਵਾਂ ’ਤੇ ਯੂਏਪੀਏ ਕਾਨੂੰਨ, ਖੇਤੀ ਬਿੱਲਾਂ ਅਤੇ ਸਵੈ-ਨਿਰਣੈ ਦੇ ਹੱਕ ਨੂੰ ਲੈ ਕੇ ਰੋਸ ਦਿਖਾਵੇ ਕੀਤੇ। ਅੰਮ੍ਰਿਤਸਰ ਵਿਚ ਭੰਡਾਰੀ ਪੁਲ ’ਤੇ ਲਗਪਗ ਦੋ ਘੰਟੇ ਸਿੱਖ ਕਾਰਕੁਨਾਂ ਨੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਾਲੇ ਝੰਡੇ ਅਤੇ ਤਖ਼ਤੀਆਂ ਚੁੱਕੀਆਂ ਸਨ, ਜਿਨ੍ਹਾਂ ਉੱਪਰ ਯੂਏਪੀਏ, ਖੇਤੀ ਬਿੱਲਾਂ ਖ਼ਿਲਾਫ਼, ਬੰਦੀ ਸਿੱਖਾਂ ਦੀ ਰਿਹਾਈ ਆਦਿ ਦੇ ਨਾਅਰੇ ਲਿਖੇ ਹੋਏ ਸਨ। ਇਨ੍ਹਾਂ ਵਿਚ ਸਿੱਖ ਯੂਥ ਫੈੱਡਰੇਸ਼ਨ ਭਿੰਡਰਾਂਵਾਲਾ ਅਤੇ ਅਕਾਲ ਫੈੱਡਰੇਸ਼ਨ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਮੀਡੀਆ ਨਾਲ ਗੱਲ ਕਰਦਿਆਂ ਆਖਿਆ ਕਿ ਦੇਸ਼ ਦੀ ਆਜ਼ਾਦੀ ਵੇਲੇ ਸਿੱਖਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਦੋਸ਼ ਲਾਇਆ ਕਿ ਯੂਏਪੀਏ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਖੇਤੀ ਬਿੱਲਾਂ ਦਾ ਵਿਰੋਧ ਕਰਦਿਆਂ ਉਨ੍ਹਾਂ ਆਖਿਆ ਕਿ ਇਸ ਨਾਲ ਪੰਜਾਬ ਦੀ ਕਿਸਾਨੀ ਤਬਾਹ ਹੋ ਜਾਵੇਗੀ। ਸਿੱਖ ਆਗੂਆਂ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀਆਂ ਰਿਹਾਈ ਦੀ ਮੰਗ, ਯੂਏਪੀਏ ਰੱਦ ਕਰਨ ਅਤੇ ਖੇਤੀ ਬਿੱਲ ਰੱਦ ਕਰਨ ਦੀ ਮੰਗ ਕੀਤੀ।
ਦਲ ਖ਼ਾਲਸਾ ਦੇ ਬੁਲਾਰੇ ਨੇ ਦੱਸਿਆ ਕਿ ਜਲੰਧਰ ਵਿਚ ਰੋਸ ਮੁਜ਼ਾਹਰਾ ਕਰ ਰਹੇ ਕਾਰਕੁਨਾਂ ਖ਼ਿਲਾਫ਼ ਪ੍ਰਸ਼ਾਸਨ ਨੇ ਆਈਪੀਸੀ ਦੀ ਧਾਰਾ 188 ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ-2005 ਤਹਿਤ ਕੇਸ ਦਰਜ ਕਰ ਲਿਆ ਹੈ ਪਰ ਸ਼ਾਮ ਨੂੰ ਜ਼ਮਾਨਤ ’ਤੇ ਕਾਰਕੁਨ ਰਿਹਾਅ ਕਰ ਦਿੱਤੇ ਗਏ। ਨਵਾਂ ਸ਼ਹਿਰ ਵਿਚ ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਤੇ ਕਰਨੈਲ ਸਿੰਘ ਪੰਜੌਲੀ, ਗੁਰਦਾਸਪੁਰ ਵਿਚ ਦਲ ਖ਼ਾਲਸਾ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਦੀ ਅਗਵਾਈ ਅਤੇ ਪਟਿਆਲਾ ਵਿਚ ਅਕਾਲੀ ਦਲ ਮਾਨ ਦੇ ਮਹਿੰਦਰਪਾਲ ਸਿੰਘ ਦੀ ਅਗਵਾਈ ਹੇਠ ਰੋਸ ਦਿਖਾਵਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਹਾਲੀ ਵਿਚ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ ਅਤੇ ਦਲ ਖ਼ਾਲਸਾ ਆਗੂ ਸਤਨਾਮ ਸਿੰਘ ਪਾਉਂਟਾ ਸਾਹਿਬ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀਆਂ ਨੂੰ ਪੁਲੀਸ ਨੇ ਰੋਕ ਲਿਆ ਅਤੇ ਪ੍ਰਦਰਸ਼ਨਕਾਰੀਆਂ ਨੇ ਉੱਥੇ ਹੀ ਧਰਨਾ ਲਾ ਦਿੱਤਾ।