ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 26 ਜੂਨ
ਨਵੰਬਰ 1984 ਸਿੱਖ ਕਤਲੇਆਮ ਦੇ ਵੇਰਵਿਆਂ ਬਾਰੇ ‘ਸਿੱਖਾਂ ਦਾ ਕਤਲੇਆਮ’ ਪੁਸਤਕ ਦਾ ਨਵਾਂ ਐਡੀਸ਼ਨ ਅੱਜ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਰੀ ਕੀਤਾ। ਇਹ ਪੁਸਤਕ ਜੂਨ 1985 ਵਿਚ ਸ਼੍ਰੋਮਣੀ ਕਮੇਟੀ ਵੱਲੋਂ ਚਾਰ ਭਾਗਾਂ ਵਿੱਚ ਪ੍ਰਕਾਸ਼ਤ ਕੀਤੀ ਗਈ ਸੀ, ਜਿਸ ਦੇ ਚਾਰ ਭਾਗਾਂ ਨੂੰ ਇਕੱਠਿਆਂ ਕਰਕੇ ਧਰਮ ਪ੍ਰਚਾਰ ਕਮੇਟੀ ਵੱਲੋਂ ਮੁੜ ਛਪਵਾਇਆ ਗਿਆ ਹੈ।
ਪੁਸਤਕ ਜਾਰੀ ਕਰਨ ਮੌਕੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਲ 1984 ਸਿੱਖਾਂ ਲਈ ਨਾ ਭੁਲਣਯੋਗ ਜ਼ਖ਼ਮ ਦਿੱਤੇ। ਜੂਨ 1984 ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਉਪਰ ਕੇਂਦਰ ਸਰਕਾਰ ਦੇ ਹਮਲੇ ਮਗਰੋਂ ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਹੋਰ ਥਾਵਾਂ ’ਤੇ ਸਿੱਖਾਂ ਦਾ ਕਤਲੇਆਮ ਕਰਕੇ ਨਸਲਕੁਸ਼ੀ ਕੀਤੀ ਗਈ, ਜਿਸ ਨੂੰ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ। ਉਨ੍ਹਾਂ ਕਿਹਾ ਕਿ ਸੁਰਜੀਤ ਸਿੰਘ ਸੋਖੀ ਨੇ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਚਸ਼ਮਦੀਦਾਂ ਪਾਸੋਂ ਇਕੱਤਰ ਕੀਤੀ ਜਾਣਕਾਰੀ ਨੂੰ ਇਸ ਪੁਸਤਕ ਵਿਚ ਦਰਜ ਕਰਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਭਵਿੱਖ ਦੀਆਂ ਪੀੜ੍ਹੀਆਂ ਲਈ ਇਹ ਇਕ ਇਤਿਹਾਸਕ ਸਰੋਤ ਹੈ ਜੋ ਆਉਂਦੇ ਸਮੇਂ ਅੰਦਰ ਨੌਜਵਾਨੀ ਨੂੰ ਸਿੱਖਾਂ ’ਤੇ ਹੋਏ ਜ਼ੁਲਮਾਂ ਤੋਂ ਜਾਣੂ ਕਰਵਾਉਂਦਾ ਰਹੇਗਾ।
ਜੌਲੀਆਂ ’ਚ ਹੋਈ ਬੇਅਦਬੀ ਦੀ ਨਿਖੇਧੀ
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਿੰਡ ਜੋਲੀਆਂ ਭਵਾਨੀਗੜ੍ਹ ਜ਼ਿਲ੍ਹਾ ਸੰਗਰੂਰ ਦੇ ਗੁਰਦੁਆਰਾ ਵਿੱਚ ਇਕ ਔਰਤ ਵੱਲੋਂ ਸਰੂਪ ਨੂੰ ਅਗਨ ਭੇਟ ਕਰਨ ਦੀ ਘਟਨਾ ਬਾਰੇ ਪ੍ਰਸ਼ਾਸਨ ਨੂੰ ਇਸ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਕਿਹਾ ਗਿਆ ਹੈ। ਪਿੰਡ ਜੌਲੀਆਂ ਦੇ ਗੁਰਦੁਆਰਾ ਵਿਖੇ ਇਕ ਔਰਤ ਵੱਲੋਂ ਜਲਣਸ਼ੀਲ ਪਦਾਰਥ ਨਾਲ ਅੱਗ ਲਗਾ ਕੇ ਪਾਵਨ ਸਰੂਪ ਦੀ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੁਲਜ਼ਮ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।