ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਿੱਖ ਜਥੇਬੰਦੀਆਂ ਵੱਲੋਂ ਜਥੇਦਾਰਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੀ ਨਿਖੇਧੀ

ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਕੋ-ਕਨਵੀਨਰ ਜਸਵਿੰਦਰ ਸਿੰਘ ਨੇ ਧਾਮੀ ਨੂੰ ਹਾਲਾਤ ਲਈ ਜ਼ਿੰਮੇਵਾਰ ਠਹਿਰਾਇਆ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 7 ਮਾਰਚ

Advertisement

ਸਿੱਖ ਜਥੇਬੰਦੀਆਂ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖ਼ਤਮ ਕੀਤੇ ਜਾਣ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਅਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਕੋ-ਕਨਵੀਨਰ ਜਸਵਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਇਸ ਵਰਤਾਰੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਮੁੜ ਤਖ਼ਤਾਂ ਨਾਲ ਸਿੱਧੀ ਟੱਕਰ ਲਈ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਸਿੱਖ ਇਤਿਹਾਸ ਵਿੱਚ ਕਾਲੇ ਅੱਖਰਾਂ ਵਿੱਚ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਜੇ ਸਿੱਖ ਸੰਸਥਾ ਦੀ ਪ੍ਰਧਾਨਗੀ ਅਤੇ ਭਰਤੀ ਕਮੇਟੀ ਦੇ ਅਹੁਦੇਦਾਰ ਰਹਿ ਕੇ ਪੰਥਕ ਜ਼ਿੰਮੇਵਾਰੀ ਨਿਭਾਉਂਦੇ ਤਾਂ ਅੱਜ ਇਹ ਸਥਿਤੀ ਨਾ ਬਣਦੀ।

ਜਥੇਬੰਦੀ ਨਾਲ ਜੁੜੇ ਹੋਰ ਆਗੂ ਪਰਮਜੀਤ ਸਿੰਘ ਸਿੱਖ ਮਿਸ਼ਨਰੀ ਕਾਲਜ, ਅਮਰਜੀਤ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ, ਰਾਣਾ ਇੰਦਰਜੀਤ ਸਿੰਘ ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਹਰਪ੍ਰੀਤ ਸਿੰਘ ਅਕਾਲ ਪੁਰਖ ਕੀ ਫ਼ੌਜ, ਡਾ. ਖੁਸ਼ਹਾਲ ਸਿੰਘ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਤੇ ਹੋਰਨਾਂ ਵੱਲੋਂ ਵੀ ਇਸ ਵਰਤਾਰੇ ਨੂੰ ਮੰਦਭਾਗਾ ਕਰਾਰ ਦਿੱਤਾ ਗਿਆ ਹੈ।

ਸਿੱਖ ਜਥੇਬੰਦੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਤਰਸੇਮ ਸਿੰਘ ਨੇ ਅੱਜ ਦੀ ਇਸ ਕਾਰਵਾਈ ਨੂੰ ਬਾਦਲ ਦਲ ਵੱਲੋਂ ਅਕਾਲ ਤਖ਼ਤ ਦੀ ਸਰਵਉੱਚਤਾ ’ਤੇ ਹਮਲਾ ਕਰਾਰ ਦਿੱਤਾ ਹੈ। ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਆਗੂ ਮਨਜੀਤ ਸਿੰਘ ਭੋਮਾ ਅਤੇ ਟਕਸਾਲੀ ਆਗੂ ਭਾਈ ਮੋਹਕਮ ਸਿੰਘ ਨੇ ਇਸ ਫ਼ੈਸਲੇ ਦੀ ਨਿਖੇਧੀ ਕਰਦਿਆਂ, ਸਿੱਖ ਕੌਮ ਨੂੰ ਢਾਹ ਲਾਉਣ ਵਾਲਾ ਕਰਾਰ ਦਿੱਤਾ ਹੈ।

ਜਥੇਦਾਰਾਂ ਨੂੰ ਹਟਾਉਣ ਦਾ ਫ਼ੈਸਲਾ ਮੰਦਭਾਗਾ: ਇਯਾਲੀ

ਲੁਧਿਆਣਾ (ਗੁਰਿੰਦਰ ਸਿੰਘ): ਅਕਾਲ ਤਖ਼ਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਬਣਾਈ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਵਿਧਾਇਕ ਮਨਪ੍ਰੀਤ ਸਿੰਘ

ਮਨਪ੍ਰੀਤ ਸਿੰਘ ਇਯਾਲੀ

ਇਯਾਲੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਦੋ ਤਖ਼ਤਾਂ ਦੇ ਜਥੇਦਾਰਾਂ ਨੂੰ ਹਟਾਉਣ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਸ੍ਰੀ ਇਯਾਲੀ ਨੇ ਕਿਹਾ ਹੈ ਕਿ ਇਹ ਕਾਰਵਾਈ ਅਕਾਲ ਤਖ਼ਤ ਤੋਂ ਦੋ ਦਸੰਬਰ ਨੂੰ ਜਾਰੀ ਕੀਤੇ ਹੁਕਮਾਂ ਨਾਲ ਬਹਾਲ ਹੋਈ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਢਾਹ ਲਗਾਉਣ ਲਈ ਕੀਤੀ ਗਈ ਹੈ।

ਸ੍ਰੀ ਇਯਾਲੀ ਨੇ ਦੋਸ਼ ਲਗਾਇਆ ਕਿ ਇਹ ਸਭ ਕੁੱਝ ਪੰਜ ਮੈਂਬਰੀ ਕਮੇਟੀ ਵੱਲੋਂ ਸ਼ੁਰੂ ਕੀਤੀ ਜਾਣ ਵਾਲੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਰੋਕਣ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਉੱਪਰ ਇੱਕ ਹੀ ਪਰਿਵਾਰ ਦਾ ਕਬਜ਼ਾ ਹੋਣ ਕਾਰਨ ਮਰਿਆਦਾ ਨੂੰ ਢਾਹ ਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਨੂੰ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਲਈ ਇਕਜੁੱਟ ਹੋਣਾ ਚਾਹੀਦਾ ਹੈ।

 

ਕੌਮ ਨੂੰ ਬਾਦਲਾਂ ਵਿਰੁੱਧ ਲਾਮਬੰਦ ਹੋਣ ਦੀ ਲੋੜ: ਰਵੀਇੰਦਰ ਸਿੰਘ

ਐੱਸਏਐੱਸ ਨਗਰ (ਮੁਹਾਲੀ) (ਪੱਤਰ ਪ੍ਰੇਰਕ): ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਅਕਾਲੀ ਦਲ (1920) ਦੇ ਪ੍ਰਧਾਨ ਰਵੀਇੰਦਰ ਸਿੰਘ ਨੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਕੇਸਗੜ੍ਹ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਥ ਦੇ ਭਲੇ ਲਈ ਸਮੁੱਚੀ ਸਿੱਖ ਕੌਮ ਨੂੰ ਬਾਦਲਾਂ ਵਿਰੁੱਧ ਇੱਕ ਮੰਚ ’ਤੇ ਲਾਮਬੰਦ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਬਾਦਲ ਪਰਿਵਾਰ ਦੇ ਪ੍ਰਭਾਵ ਹੇਠ ਜਿਵੇਂ ਪਹਿਲਾਂ ਸਿੱਖ ਕੌਮ ਦੇ ਕਥਿਤ ਦੋਸ਼ੀ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ ਕੀਤਾ ਸੀ, ਉਸੇ ਤਰ੍ਹਾਂ ਹੁਣ ਤਖ਼ਤਾਂ ਦੇ ਜਥੇਦਾਰਾਂ ਨੂੰ ਅਹੁਦੇ ਤੋਂ ਲਾਂਭੇ ਕਰ ਕੇ ਸਿੱਖ ਪੰਥ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ (1920) ਇਸ ਫ਼ੈਸਲੇ ਦੀ ਨਿਖੇਧੀ ਕਰਦਾ ਹੈ।

ਜਥੇਦਾਰ ਨੂੰ ਹਟਾਉਣ ਦਾ ਫ਼ੈਸਲਾ ਸਿੱਖ ਸਿਧਾਂਤਾਂ ’ਤੇ ਹਮਲਾ: ਢੀਂਡਸਾ

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਹਟਾਉਣ ਦਾ ਫ਼ੈਸਲਾ ਹਰ ਸਿੱਖ ਲਈ ਮੰਦਭਾਗਾ ਤੇ ਸਿੱਖ ਸਿਧਾਂਤਾਂ ਉੱਪਰ ਸਿੱਧਾ ਹਮਲਾ ਹੈ।

ਸ੍ਰੀ ਢੀਂਡਸਾ ਨੇ ਦੋਸ਼ ਲਾਇਆ ਕਿ ਸੁਖਬੀਰ ਸਿੰਘ ਬਾਦਲ ਨੇ ਕੌਮ ਦੀਆਂ ਭਾਵਨਾਵਾਂ ਦੀ ਸਹੀ ਤਰਜ਼ਮਾਨੀ ਕਰਨ ਵਾਲੇ ਸਿੰਘ ਸਾਹਿਬਾਨ ਨੂੰ ਤਖ਼ਤਾਂ ਤੋਂ ਸੇਵਾਮੁਕਤ ਕਰਵਾ ਕੇ ਵੱਡਾ ਪਾਪ ਕੀਤਾ ਹੈ। ਬਾਦਲ ਪਰਿਵਾਰ ਨੇ ਸ਼੍ਰੋਮਣੀ ਕਮੇਟੀ ਦੇ ਜ਼ਰੀਏ ਸਿੰਘ ਸਾਹਿਬਾਨ ਉੱਪਰ ਭਾਰੂ ਹੋਣ ਦੀ ਜੋ ਗ਼ਲਤੀ ਕੀਤੀ ਹੈ, ਇਸ ਲਈ ਸਿੱਖ ਪੰਥ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨੇ ਇਹ ਵੀ ਸਾਬਤ ਕਰ ਦਿੱਤਾ ਹੈ ਕਿ ਸੁਖਬੀਰ ਸਿੰਘ ਬਾਦਲ ਤੇ ਉਸ ਦੇ ਚਹੇਤਿਆਂ ਨੇ ਅਕਾਲ ਤਖ਼ਤ ਤੋਂ ਲੱਗੀ ਸੇਵਾ ਕਰਨ ਦਾ ਦਿਖਾਵਾ ਕੀਤਾ ਸੀ। ਸਿੱਖ ਪੰਥ ਸਮਾਂ ਆਉਣ ਉੱਤੇ ਸੁਖਬੀਰ ਅਤੇ ਉਸ ਦੇ ਹਮਾਇਤੀਆਂ ਨੂੰ ਠੋਕਵਾਂ ਜਵਾਬ ਦੇਣ ਲਈ ਤਿਆਰ ਬੈਠਾ ਹੈ।

Advertisement