ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਮਈ
ਪਾਕਿਸਤਾਨ ਤੋਂ ਭਾਰਤ ਪੁੱਜੇ ਸਿੱਖ ਸ਼ਰਧਾਲੂਆਂ ਦੇ ਜਥੇ ਦਾ ਸ੍ਰੀ ਦਰਬਾਰ ਸਾਹਿਬ ਪਹੁੰਚਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਨਮਾਨ ਕੀਤਾ। ਸ੍ਰੀ ਨਨਕਾਣਾ ਸਾਹਿਬ ਤੋਂ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਇਹ ਜਥਾ ਅਟਾਰੀ ਸਰਹੱਦ ਰਾਹੀਂ 22 ਅਪਰੈਲ ਨੂੰ ਭਾਰਤ ਪਹੁੰਚਿਆ ਸੀ, ਜੋ ਦਿੱਲੀ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਬੀਤੇ ਦਿਨ ਅੰਮ੍ਰਿਤਸਰ ਪੁੱਜਾ ਸੀ। ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਮਗਰੋਂ ਇਨ੍ਹਾਂ ਸ਼ਰਧਾਲੂਆਂ ਨੂੰ ਸੂਚਨਾ ਕੇਂਦਰ ਵਿੱਚ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ੍ਰੀ ਧਾਮੀ ਨੇ ਆਖਿਆ ਕਿ ਇਹ ਚੰਗੀ ਗੱਲ ਹੈ ਕਿ ਪਾਕਿਸਤਾਨ ’ਚ ਵਸਦੇ ਬਹੁਗਿਣਤੀ ਸਿੱਖ ਅੰਮ੍ਰਿਤਧਾਰੀ ਹਨ। ਉਨ੍ਹਾਂ ਕਿਹਾ ਕਿ ਇਸੇ ਸਾਲ 30 ਅਕਤੂਬਰ ਨੂੰ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਿੱਖ ਕੌਮ ਵੱਲੋਂ ਮਨਾਈ ਜਾ ਰਹੀ ਹੈ ਅਤੇ ਯਤਨ ਕੀਤਾ ਜਾਵੇਗਾ ਕਿ ਇਸ ਸਬੰਧ ਵਿੱਚ ਇੱਕ ਵੱਡਾ ਜਥਾ ਭਾਰਤ ਤੋਂ ਪਾਕਿਸਤਾਨ ਲਿਜਾਇਆ ਜਾਵੇ। ਜਥੇ ਦੇ ਆਗੂ ਪ੍ਰੀਤਮ ਸਿੰਘ ਨੇ ਕਿਹਾ ਕਿ 15 ਦਿਨਾਂ ਦੇ ਵੀਜ਼ੇ ’ਤੇ 48 ਸਿੱਖ ਸ਼ਰਧਾਲੂ ਭਾਰਤ ਦੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਪੁੱਜੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਕੀਤੇ ਗਏ ਮਾਣ-ਸਨਮਾਨ ਲਈ ਧੰਨਵਾਦ ਕੀਤਾ ਅਤੇ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ ਦਾ ਸੱਦਾ ਦਿੱਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਵਧੀਕ ਸਕੱਤਰ ਪ੍ਰਤਾਪ ਸਿੰਘ ਆਦਿ ਮੌਜੂਦ ਸਨ।