ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਜੂਨ
ਕਰੋਨਾ ਕਾਰਨ ਸਿੱਖ ਸ਼ਰਧਾਲੂਆ ਦਾ ਜਥਾ ਇਸ ਵਾਰ ਵੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਯਾਤਰਾ ਲਈ ਨਹੀਂ ਜਾ ਸਕੇਗਾ। ਪਾਕਿਸਤਾਨ ਸਰਕਾਰ ਵੱਲੋਂ ਕਰੋਨਾ ਕਾਰਨ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ। ਇਹ ਖੁਲਾਸਾ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ ਹੈ। ਉਨ੍ਹਾਂ ਨੇ ਆਖਿਆ ਕਿ ਵਿਸ਼ਵ ਮਹਾਮਾਰੀ ਕਰੋਨਾ ਦਾ ਹਵਾਲਾ ਦੇ ਕੇ ਪਾਕਿਸਤਾਨ ਸਰਕਾਰ ਨੇ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ। ਕਮੇਟੀ ਵੱਲੋਂ ਇਸ ਸਬੰਧ ਵਿਚ ਤਿਆਰੀਆਂ ਮੁਕੰਮਲ ਸਨ। ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲੱਗਣ ਵਾਸਤੇ ਭੇਜੇ ਹੋਏ ਸਨ। ਭਾਰਤ ਸਰਕਾਰ ਵੱਲੋਂ ਵੀ ਹੁਣ ਤਕ ਕੋਈ ਰੋਕ ਨਾ ਕੇ ਜਥਾ ਭੇਜਣ ਦੀ ਮਨਾਹੀ ਨਹੀਂ ਕੀਤੀ ਸੀ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਦੇ ਅਧਿਕਾਰੀਆਂ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰ੍ਰਧਾਨ ਸਤਵੰਤ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ ਤੇ ਦੱਸਿਆ ਕਿ ਸ਼ਹੀਦੀ ਪੂਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਪਾਕਿਸਤਾਨ ਸਰਕਾਰ ਵੱਲੋਂ ਕਰੋਨਾ ਕਾਰਨ ਆਗਿਆ ਨਹੀਂ ਦਿੱਤੀ ਗਈ। ਇਹ ਜਥਾ 14 ਜੂਨ ਨੂੰ ਸ਼ਹੀਦੀ ਦਿਹਾੜਾ ਮਨਾਉਣ ਲਈ ਪਾਕਿਸਤਾਨ ਜਾਣਾ ਸੀ, ਜਿਸ ਦੀ ਰਵਾਨਗੀ 6 ਜੂਨ ਨੂੰ ਹੋਣੀ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾਏ ਸਨ, ਉਹ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਵਾਪਸ ਲੈ ਸਕਦੇ ਹਨ। ਮੌਜੂਦਾ ਹਾਲਾਤ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਵੀ ਸਿੱਖ ਸ਼ਰਧਾਲੂਆਂ ਦੇ ਜਥੇ ਦੀ ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਯਾਤਰਾ ਲਈ ਜਾਣ ਦੀ ਸੰਭਾਵਨਾ ਵੀ ਨਾ ਬਰਾਬਰ ਹੈ। ਇਹ ਬਰਸੀ ਇਸੇ ਮਹੀਨੇ ਦੇ ਆਖਰੀ ਹਫਤੇ ਵਿਚ ਮਨਾਈ ਜਾਂਦੀ ਹੈ।