ਟ੍ਰਿਬਿਊਨ ਨਿਊਜ਼ ਸਰਵਿਸ/ਪੱਤਰ ਪ੍ਰੇਰਕ
ਅੰਮ੍ਰਿਤਸਰ/ਸ੍ਰੀ ਆਨੰਦਪੁਰ ਸਾਹਿਬ, 13 ਸਤੰਬਰ
ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਨੇ ਜਥੇਬੰਦੀ ਦਾ 78ਵਾਂ ਸਥਾਪਨਾ ਦਿਵਸ ਇੱਥੇ ਸ੍ਰੀ ਅਕਾਲ ਤਖ਼ਤ ’ਤੇ ਮਨਾਉਂਦਿਆਂ ਐਲਾਨ ਕੀਤਾ ਹੈ ਕਿ ਸਿੱਖ ਜਥੇਬੰਦੀ ਪੰਜਾਬ ਵਿੱਚ ਜਬਰੀ ਧਰਮ ਪਰਿਵਰਤਨ ਨੂੰ ਰੋਕੇਗੀ। ਇੱਥੇ ਫੈਡਰੇਸ਼ਨ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ’ਤੇ ਅਰਦਾਸ ਕੀਤੀ ਗਈ ਹੈ। ਇਸੇ ਤਰ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਅਰਦਾਸ ਕੀਤੀ ਗਈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਉਪਰੰਤ ਫੈੱਡਰੇਸ਼ਨ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਆ।
ਸਮੂਹ ਫੈੱਡਰੇਸ਼ਨਾਂ ਵਿੱਚ ਏਕਤਾ ਲਈ ਆਰੰਭ ਕੀਤੇ ਗਏ ਯਤਨਾਂ ਤਹਿਤ ਅੱਜ ਫੈਡਰੇਸ਼ਨ ਪੀਰ ਮੁਹੰਮਦ ਦੇ ਪ੍ਰਧਾਨ ਜਗਰੂਪ ਸਿੰਘ ਚੀਮਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਫੈਡਰੇਸ਼ਨ ਵਿੱਚ ਏਕਤਾ ਲਈ ਬਣੀ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਨੂੰ ਸੌਂਪਿਆ ਹੈ ਅਤੇ ਆਪਣੀਆਂ ਸੇਵਾਵਾਂ ਵੀ ਪੇਸ਼ ਕੀਤੀਆਂ ਹਨ। ਜਥੇਬੰਦੀ ਦਾ ਨਵਾਂ ਢਾਂਚਾ ਬਣਨ ਤਕ ਫੈਡਰੇਸ਼ਨ ਦੇ ਸੀਨੀਅਰ ਆਗੂ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੂੰ ਜਥੇਬੰਦੀ ਦਾ ਕਾਰਜਕਾਰੀ ਪ੍ਰਧਾਨ ਥਾਪਿਆ ਗਿਆ ਹੈ।ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ ਸਥਾਪਨਾ ਦਿਵਸ ਮੌਕੇ ਮਤਾ ਪਾਸ ਕਰ ਕੇ ਪੰਜਾਬ ਵਿੱਚ ਜਬਰੀ ਧਰਮ ਪਰਿਵਰਤਨ ਨੂੰ ਰੋਕਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਕਾਲ ਵੇਲੇ ਜਬਰੀ ਧਰਮ ਪਰਿਵਰਤਨ ਰੋਕਣ ਵਾਸਤੇ ਹੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਸਿੱਖਾਂ ਨੇ ਸ਼ਹਾਦਤਾਂ ਦਿੱਤੀਆਂ ਸਨ। ਫੈਡਰੇਸ਼ਨ ਦੀ ਸਥਾਪਨਾ ਵੀ ਪਤਿਤਪੁਣੇ ਅਤੇ ਧਰਮ ਪਰਿਵਰਤਨ ਦੇ ਵਿਰੋਧ ਵਿਚ ਹੋਈ ਸੀ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬਜਟ ਵਿਚ ਇਸ ਕਾਰਜ ਲਈ ਵਧੇਰੇ ਫੰਡ ਰੱਖੇ। ਹੁਣ ਤਕ ਵੱਡੀ ਗਿਣਤੀ ’ਚ ਸੁੰਦਰ ਗੁਰਦੁਆਰੇ ਬਣਾਏ ਜਾ ਚੁੱਕੇ ਹਨ, ਇਸ ਵੇਲੇ ਗ਼ਰੀਬ ਸਿੱਖਾਂ ਦੀ ਭਲਾਈ ਲਈ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗ਼ਰੀਬ ਸਿੱਖਾਂ ਦੀ ਮਦਦ ਕਰੇ। ਇਸ ਮੌਕੇ ਬੰਦੀ ਸਿੱਖਾਂ ਦੀ ਰਿਹਾਈ ਵਾਸਤੇ ਵੀ ਅਰਦਾਸ ਕੀਤੀ ਗਈ। ਇਸੇ ਦੌਰਾਨ ਆਨੰਦਪੁਰ ਵਿੱਚ ਭਾਈ ਪਰਮਜੀਤ ਸਿੰਘ ਖਾਲਸਾ, ਭਾਈ ਮੇਜਰ ਸਿੰਘ ਖਾਲਸਾ ਅਤੇ ਭਾਈ ਦਲੇਰ ਸਿੰਘ ਡੋਡ ਆਦਿ ਆਗੂਆਂ ਨੇ ਕਿਹਾ ਕਿ ਸਿੱਖ ਹੋਮਲੈਂਡ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਫੈਡਰੇਸ਼ਨ ਕਾਨੂੰਨੀ ਮਾਹਿਰਾਂ, ਸੀਨੀਅਰ ਵਕੀਲਾਂ ਨਾਲ ਸਲਾਹ ਕਰ ਕੇ ਸੰਯੁਕਤ ਰਾਸ਼ਟਰ ਦੇ ਦਫ਼ਤਰ ਜਨੇਵਾ ਵਿਚ ਪਟੀਸ਼ਨ ਦਾਇਰ ਕਰੇਗੀ।