ਬੋਰਡਿੰਗ ਸਕੂਲ ’ਚ Sikh Student ਦੀ ਰੈਗਿੰਗ ਘਟਨਾ ਮੰਦਭਾਗੀ: SGPC President Harjinder Singh Dhami
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਬੋਰਡਿੰਗ ਸਕੂਲ ਵਿੱਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਿੱਖਿਆ ਸੰਸਥਾ ਵਿੱਚ ਕਿਸੇ ਵੀ ਬੱਚੇ ਨਾਲ ਇਸ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਬੋਰਡਿੰਗ ਸਕੂਲ ਵਿੱਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਿੱਖਿਆ ਸੰਸਥਾ ਵਿੱਚ ਕਿਸੇ ਵੀ ਬੱਚੇ ਨਾਲ ਇਸ ਤਰ੍ਹਾਂ ਦਾ ਵਿਹਾਰ ਬੇਹੱਦ ਮੰਦਭਾਗਾ ਹੈ।
ਸ਼੍ਰੋਮਣੀ ਕਮੇਟੀ ਤੋਂ ਪਹਿਲਾਂ ਬੀਤੇ ਕੱਲ੍ਹ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਘਟਨਾ ਦਾ ਨੋਟਿਸ ਲਿਆ ਸੀ। ਅੱਜ ਐਡਵੋਕੇਟ ਧਾਮੀ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਲਈ ਸੁਖਾਵਾਂ ਵਾਤਾਵਰਨ ਮੁਹੱਈਆ ਕਰਵਾਉਣਾ ਸਕੂਲ ਪ੍ਰਬੰਧਕਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਰੈਗਿੰਗ ਕਿਸੇ ਵੀ ਰੂਪ ਵਿੱਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਸਿੱਖਿਆ ਸੰਸਥਾਵਾਂ ਨੂੰ ਇਸ ਪ੍ਰਤੀ ਸੰਜੀਦਾ ਹੋਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਰਿਵਾਰ ਦੀ ਸ਼ਿਕਾਇਤ ਮਗਰੋਂ ਹਿਮਾਚਲ ਪ੍ਰਦੇਸ਼ ਪੁਲੀਸ ਵੱਲੋਂ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰਨਾ ਸਵਾਗਤਯੋਗ ਹੈ, ਪਰ ਘਟਨਾ ਦੀ ਨਿਰਪੱਖ ਜਾਂਚ ਕਰ ਕੇ ਕਸੂਰਵਾਰਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਰੈਗਿੰਗ ਕਰਨ ਵਾਲੇ ਵਿਦਿਆਰਥੀਆਂ ਦੀ ਜ਼ਿੰਮੇਵਾਰੀ ਤੈਅ ਕਰਨਾ ਹੀ ਕਾਫ਼ੀ ਨਹੀਂ, ਸਗੋਂ ਇਹ ਵੀ ਜਾਂਚਿਆ ਜਾਣਾ ਚਾਹੀਦਾ ਹੈ ਕਿ ਸਕੂਲ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਲੋੜੀਂਦੇ ਕਦਮ ਕਿਉਂ ਨਹੀਂ ਚੁੱਕੇ ਗਏ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਕੂਲ ਪ੍ਰਿੰਸੀਪਲ ਵਿਰੁੱਧ ਵੀ ਪਰਚਾ ਦਰਜ ਹੋਣਾ ਚਾਹੀਦਾ ਹੈ।

