ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 6 ਅਕਤੂਬਰ
ਕੁੱਲ ਹਿੰਦ ਅਤਿਵਾਦ ਵਿਰੋਧੀ ਫਰੰਟ ਦੇ ਮੁਖੀ ਮਨਿੰਦਰਜੀਤ ਸਿੰਘ ਬਿੱਟਾ ਨੇ ਅੱਜ ਇੱਥੇ ਖਾਲਿਸਤਾਨ ਦੀ ਮੰਗ ਕਰਨ ਵਾਲਿਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਪਹਿਲਾਂ ਪਾਕਿਸਤਾਨ ਵਿੱਚ ਸਿੱਖਾਂ ਦੇ ਹੋ ਰਹੇ ਅਪਮਾਨ ਅਤੇ ਵਧੀਕੀਆਂ ਦੇ ਮਾਮਲਿਆਂ ਨਾਲ ਨਜਿਠਣ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਕਿਸੇ ਬਾਹਰੀ ਤਾਕਤ ਤੋਂ ਖਤਰਾ ਨਹੀਂ, ਸਗੋਂ ਉਨ੍ਹਾਂ ਨੂੰ ਆਪਣਿਆਂ ਤੋਂ ਹੀ ਖਤਰਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਜਿਹੇ ਲੋਕ ਪੰਜਾਬ ਵਿੱਚ ਨਿੱਤ ਨਵੀਆਂ ਮੁਸ਼ਕਲਾਂ ਪੈਦਾ ਕਰ ਰਹੇ ਹਨ। ਸ੍ਰੀ ਬਿੱਟਾ ਨੇ ਕਿਹਾ ਕਿ ਪਾਕਿਸਤਾਨ ਵਿੱਚ ਗੁਰੂਧਾਮਾਂ ਦਾ ਅਪਮਾਨ ਹੋ ਰਿਹਾ ਹੈ, ਸਿੱਖ ਕੁੜੀਆਂ ਦਾ ਧਰਮ ਪਰਿਵਰਤਨ ਕੀਤਾ ਜਾ ਰਿਹਾ, ਸਿੱਖਾਂ ਦੇ ਕਤਲ ਹੋ ਰਹੇ ਹਨ, ਪਰ ਇਨ੍ਹਾਂ ਮਾਮਲਿਆਂ ਵਿੱਚ ਖਾਲਿਸਤਾਨ ਦੀ ਮੰਗ ਕਰਨ ਵਾਲੇ ਚੁੱਪ ਹਨ। ਉਨ੍ਹਾਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਨੂੰ ਵੀ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਵੱਖਰੇ ਰਾਜ ਦੇ ਨਾਂ ’ਤੇ ਸਿੱਖ ਜਵਾਨੀ ਦਾ ਉਜਾੜਾ ਕੀਤਾ ਗਿਆ ਹੈ। ਹੁਣ ਮੁੜ ਸਿੱਖ ਨੌਜਵਾਨੀ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਵਿੱਚ ਅਤੇ ਹੁਣ ਗੈਂਗਸਟਰਾਂ ਦੇ ਰੂਪ ਵਿੱਚ ਤਬਾਹ ਕੀਤਾ ਜਾ ਰਿਹਾ ਹੈ। ਲੋਕ ਆਪਣੀਆਂ ਜ਼ਮੀਨਾਂ ਵੇਚ ਕੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਵਿਦੇਸ਼ ਭੇਜ ਰਹੇ ਹਨ। ਉਹ ਸਿੱਖਾਂ ਨਾਲ ਵਿਤਕਰਾ ਕਰਨ ਦੇ ਦੋਸ਼ ਲਾਉਣ ਵਾਲਿਆਂ ’ਤੇ ਵੀ ਵਰ੍ਹੇ। ਸ੍ਰੀ ਬਿੱਟਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਿੱਖ ਵਿਅਕਤੀ ਨੂੰ ਰੱਖਿਆ ਮੰਤਰੀ ਬਣਾਇਆ ਗਿਆ, ਦੇਸ਼ ਦਾ ਗ੍ਰਹਿ ਮੰਤਰੀ ਸਿੱਖ ਵਿਅਕਤੀ ਰਿਹਾ, ਦੇਸ਼ ਦਾ ਪ੍ਰਧਾਨ ਮੰਤਰੀ ਸਿੱਖ ਵਿਅਕਤੀ ਰਿਹਾ ਅਤੇ ਦੇਸ਼ ਦਾ ਰਾਸ਼ਟਰਪਤੀ ਵੀ ਸਿੱਖ ਵਿਅਕਤੀ ਰਹਿ ਚੁੱਕਾ ਹੈ। ਇਸੇ ਤਰ੍ਹਾਂ ਸਿੱਖ ਧਰਮ ਨਾਲ ਸਬੰਧਿਤ ਕਈ ਵਿਅਕਤੀ ਦੇਸ਼ ਦੀਆਂ ਫੌਜਾਂ ਦੇ ਮੁਖੀ ਅਤੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਵੀ ਰਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਨੇ ਸਿੱਖਾਂ ਨੂੰ ਸਭ ਕੁਝ ਦਿੱਤਾ ਹੈ।