ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਵੇਰਕਾ ਮਿਲਕ ਪਲਾਂਟ ਅੰਦਰ ਦਾਖ਼ਲ ਹੋਣ ਸਬੰਧੀ ਕੇਸ ਵਿੱਚ ਇੱਕ ਦਿਨਾ ਰਿਮਾਂਡ ਤੋਂ ਬਾਅਦ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸਿਮਰਜੀਤ ਬੈਂਸ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅਦਾਲਤ ਨੇ ਸਾਬਕਾ ਵਿਧਾਇਕ ਬੈਂਸ ਨੂੰ ਬਰਨਾਲਾ ਜੇਲ੍ਹ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਜਬਰ-ਜਨਾਹ ਮਾਮਲੇ ਵਿੱਚ ਭਗੌੜੇ ਕਰਾਰ ਦਿੱਤੇ ਗਏ ਸਾਬਕਾ ਵਿਧਾਇਕ ਬੈਂਸ ਨੇ ਅਦਾਲਤ ਵਿੱਚ ਆਤਮ-ਸਮਰਪਣ ਕੀਤਾ ਸੀ। ਅਦਾਲਤ ਨੇ ਸੱਤ ਦਿਨਾਂ ਦੇ ਰਿਮਾਂਡ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਨੂੰ ਜੇਲ੍ਹ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ ਸਨ। ਇਸ ਤੋਂ ਤੁਰੰਤ ਬਾਅਦ ਥਾਣਾ ਸਰਾਭਾ ਨਗਰ ਦੀ ਪੁਲੀਸ ਨੇ ਬੈਂਸ ਨੂੰ ਗ੍ਰਿਫ਼ਤਾਰ ਕਰ ਕੇ ਉਸਦਾ ਰਿਮਾਂਡ ਲਿਆ ਸੀ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੈਂਸ ਸਹਿਯੋਗ ਨਹੀਂ ਕਰ ਰਹੇ। ਪੁਲੀਸ ਔਰਤ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਹੋਰ ਸਬੂਤ ਇਕੱਠੇ ਕਰਨ ਵਿੱਚ ਫੇਲ੍ਹ ਦਿਖਾਈ ਦੇ ਰਹੀ ਹੈ। ਉਧਰ, ਬੈਂਸ ਨੇ ਵੀ ਪੁਲੀਸ ਦੇ ਸਾਹਮਣੇ ਕੋਈ ਰਾਜ਼ ਨਹੀਂ ਖੋਲ੍ਹਿਆ। -ਟ੍ਰਿਬਿਊਨ ਨਿਊਜ਼ ਸਰਵਿਸ