ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਜੁਲਾਈ
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਹੀਦ ਭਗਤ ਸਿੰਘ ਨੂੰ ਅਤਿਵਾਦੀ ਕਹਿਣ ’ਤੇ ਲੋਕ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਬਿਨਾਂ ਸ਼ਰਤ ਤੁਰੰਤ ਮੁਆਫ਼ੀ ਮੰਗਣ ਲਈ ਕਿਹਾ ਹੈ। ਉਨ੍ਹਾਂ ਇੱਥੇ ਪੰਜਾਬ ਭਵਨ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਵੇਗੀ। ਉਨ੍ਹਾਂ ਕਿਹਾ ਕਿ ਭਗਤ ਸਿੰਘ ਸਾਡੇ ਆਦਰਸ਼ ਹਨ, ਜਿਨ੍ਹਾਂ ’ਤੇ ਇਕੱਲੇ ਪੰਜਾਬ ਨੂੰ ਨਹੀਂ ਬਲਕਿ ਪੂਰੇ ਦੇਸ਼ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਧਰਮ ਨਿਰਪੱਖ ਸੋਚ ਵਾਲੀ ਪਾਰਟੀ ਹੈ। ਨਵੇਂ ਚੁਣੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਦਾ ਨਿਰਾਦਰ ਕੀਤਾ ਹੈ ਅਤੇ ਪੰਜਾਬ ਦੇ ਲੋਕਾਂ ਦੇ ਮਨਾਂ ਨੂੰ ਠੇਸ ਪਹੁੰਚਾਈ ਹੈ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ।