ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਜੁਲਾਈ
‘ਆਪ’ ਨੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ’ਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਸ਼ਹੀਦ ਭਗਤ ਸਿੰਘ ਨੂੰ ਅਤਿਵਾਦੀ ਕਹਿਣ ਤੋਂ ਬਾਅਦ ਹੁਣ ਜੱਲ੍ਹਿਆਂਵਾਲਾ ਬਾਗ ਵਿੱਚ ਆਪਣੀਆਂ ਜਾਨਾਂ ਗਵਾਉਣ ਵਾਲੇ ਸੈਂਕੜੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ। ‘ਆਪ’ ਦੇ ਮੁੱਖ ਤਰਜਮਾਨ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਨੂੰ ਅਤਿਵਾਦੀ ਕਹਿਣ ਲਈ ਮੁਆਫ਼ੀ ਮੰਗਣ ਦੀ ਬਜਾਏ ਆਪਣੇ ਨਾਨਾ ਅਰੂੜ ਸਿੰਘ, ਜੋ ਉਸ ਸਮੇਂ ਸ੍ਰੀ ਹਰਿਮੰਦਰ ਸਾਹਿਬ ਦੇ ਸਰਬਰਾਹ ਸਨ, ਨੂੰ ਸਾਫ-ਸੁਥਰਾ ਦੱਸ ਕੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ। ਸ੍ਰੀ ਕੰਗ ਨੇ ਕਿਹਾ ਕਿ ਸੰਸਦ ਮੈਂਬਰ ਮਾਨ ਜਲ੍ਹਿਆਂਵਾਲਾ ਬਾਗ ਦੇ ਸਾਕੇ ਮਗਰੋਂ ਜਨਰਲ ਡਾਇਰ ਨੂੰ ਸਿਰੋਪਾ ਪਾ ਕੇ ਸਨਮਾਨਿਤ ਕਰਨ ਵਾਲੇ ਆਪਣੇ ਨਾਨਾ ਅਰੂੜ ਸਿੰਘ ਨੂੰ ਸਹੀ ਸਾਬਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ‘ਉਹ 100 ਸਾਲਾਂ ਬਾਅਦ ਆਪਣੇ ਨਾਨਾ ਨੂੰ ਆਜ਼ਾਦੀ ਘੁਲਾਟੀਆ ਦਰਸਾਉਣ ਦੀ ਕੋਸ਼ਿਸ਼ ਕਰ ਰਹੇ ਹਨ।’ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਤਿਹਾਸ ਤੋਂ ਜਾਣੂੰ ਹਨ, ਜਿਨ੍ਹਾਂ ਨੂੰ ਗੁੰਮਰਾਹ ਨਹੀਂ ਕੀਤਾ ਜਾ ਸਕਦਾ।