ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 17 ਜੁਲਾਈ
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅਤਿਵਾਦੀ ਕਹੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਬਲਾਚੌਰ ਸਥਿਤ ਆਪਣੇ ਦਫਤਰ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚੌਧਰੀ ਮੰਗੂਪੁਰ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਬਾਰੇ ਦਿੱਤਾ ਗਿਆ ਬਿਆਨ ਸ਼ਰਮਨਾਕ ਅਤੇ ਕਰੋੜਾਂ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ ਜਿਸ ਦੀ ਉਹ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਨੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਮੋਹਰੀ ਭੂਮਿਕਾ ਅਦਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਮਾਨ ਨੂੰ ਸ਼ਹੀਦ ਭਗਤ ਸਿੰਘ ਦਾ ਨਿਰਾਦਰ ਕਰਨ ’ਤੇ ਮੁਆਫੀ ਮੰਗਣੀ ਚਾਹੀਦੀ ਹੈ।