ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਜੂਨ
ਕੌਮੀ ਪੱਧਰ ਦੇ ਨਿਸ਼ਾਨੇਬਾਜ਼ ਅਤੇ ਐਡਵੋਕੇਟ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ਼ ਸਿੱਪੀ ਸਿੱਧੂ ਦੀ ਹੱਤਿਆ ਦੇ ਮਾਮਲੇ ’ਚ ਸੀਬੀਆਈ ਵੱਲੋਂ 7 ਸਾਲ ਬਾਅਦ ਗ੍ਰਿਫ਼ਤਾਰ ਕੀਤੀ ਹਿਮਾਚਲ ਪ੍ਰਦੇਸ਼ ਹਾਈਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਸਬੀਨਾ ਦੀ ਧੀ ਕਲਿਆਣੀ ਸਿੰਘ ਨੂੰ ਦੋ ਦਿਨਾਂ ਬਾਅਦ ਚੰਡੀਗੜ੍ਹ ਦੇ ਸੈਕਟਰ 43 ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਕਲਿਆਣੀ ਸਿੰਘ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਮਾਮਲੇ ਦੀ ਹੁਣ 5 ਜੁਲਾਈ ਨੂੰ ਅਗਲੀ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਅਦਾਲਤ ਨੇ ਸੀਬੀਆਈ ਨੂੰ ਕਲਿਆਣੀ ਸਿੰਘ ਦਾ ਦੋ ਵਾਰ ਰਿਮਾਂਡ ਦਿੱਤਾ ਹੈ। ਸੀਬੀਆਈ ਟੀਮ ਨੇ ਅੱਜ ਹੋਰ ਰਿਮਾਂਡ ਦੀ ਮੰਗ ਹੀ ਨਹੀਂ ਕੀਤੀ।
ਜਾਣਕਾਰੀ ਅਨੁਸਾਰ ਅੱਜ ਅਦਾਲਤ ਵਿੱਚ ਬਚਾਅ ਪੱਖ ਦੇ ਵਕੀਲ ਸਰਤੇਜ ਨਰੂਲਾ ਨੇ ਸੀਬੀਆਈ ਤੋਂ ਦਸੰਬਰ 2020 ਵਿੱਚ ਦਾਇਰ ਕੀਤੀ ਅਨਟਰੇਸ ਰਿਪੋਰਟ ਅਤੇ ਕੇਸ ਨਾਲ ਜੁੜੇ ਸਾਰੇ ਦਸਤਾਵੇਜ਼ਾਂ ਦੀ ਮੰਗ ਕੀਤੀ। ਇਸ ਦਾ ਸੀਬੀਆਈ ਦੇ ਵਕੀਲ ਨੇ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਸਿੱਪੀ ਸਿੱਧੂ ਕਤਲ ਮਾਮਲੇ ਦੀ ਜਾਂਚ ਜਾਰੀ ਹੈ, ਪੁਰਾਣੀ ਜਾਂਚ ਜਾਂ ਅਦਾਲਤੀ ਦਸਤਾਵੇਜ਼ਾਂ ਨਾਲ ਸੀਬੀਆਈ ਦੀ ਜਾਂਚ ’ਤੇ ਅਸਰ ਪੈ ਸਕਦਾ ਹੈ। ਉਨ੍ਹਾਂ ਸੀਬੀਆਈ ਦੀ ਜਾਂਚ ਪੂਰੀ ਹੋਣ ਤੱਕ ਕੋਈ ਵੀ ਦਸਤਾਵੇਜ਼ ਬਚਾਅ ਪੱਖ ਨੂੰ ਨਾ ਦੇਣ ਦੀ ਅਪੀਲ ਕੀਤੀ। ਅਦਾਲਤ ਨੇ ਦੋਵਾਂ ਧਿਰਾਂ ਦਾ ਪੱਖ ਸੁਣਦਿਆਂ ਦਸਤਾਵੇਜ਼ਾਂ ਦੀ ਸਪੁਰਦਗੀ ਬਾਰੇ ਫੈਸਲਾ ਰਾਖਵਾਂ ਰੱਖ ਲਿਆ ਹੈ।
ਦੱਸਣਯੋਗ ਹੈ ਕਿ 20 ਸਤੰਬਰ, 2015 ਨੂੰ ਸੈਕਟਰ-27 ਦੇ ਪਾਰਕ ਵਿਚ ਸਿੱਪੀ ਸਿੱਧੂ ਦੀ ਹੱਤਿਆ ਕੀਤੀ ਗਈ ਸੀ। ਪੁਲੀਸ ਨੇ ਉਕਤ ਮਾਮਲੇ ਸਬੰਧੀ 21 ਸਤੰਬਰ 2015 ਨੂੰ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। 22 ਜਨਵਰੀ, 2016 ਵਿੱਚ ਇਹ ਕੇਸ ਸੀਬੀਆਈ ਨੂੰ ਟਰਾਂਸਫਰ ਕੀਤਾ ਗਿਆ ਸੀ।