ਸਿਸੋਦੀਆ ਬਣਾ ਰਹੇ ਪੰਜਾਬ ਦੀ ਆਬਕਾਰੀ ਨੀਤੀ, ਭਗਵੰਤ ਮਾਨ ਬੇਚੈਨ: ਸੁਨੀਲ ਜਾਖੜ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 27 ਫਰਵਰੀ
ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਹਲਚਲ ਮਚ ਗਈ ਹੈ। ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਐਕਸ ’ਤੇ ਇੱਕ ਵੀਡੀਓ ਜਾਰੀ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸੂਬੇ ਦੀ ਆਬਕਾਰ ੀਨੀਤੀ ਸਬੰਧੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ (AAP) ਦੇ ਨੇਤਾ ਮਨੀਸ਼ ਸਿਸੋਦੀਆ ਪਿਛਲੇ ਕੁਝ ਦਿਨਾਂ ਤੋਂ ਚੰਡੀਗੜ੍ਹ ਵਿੱਚ ਮੌਜੂਦ ਹਨ ਅਤੇ ਉਹ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਤਿਆਰ ਕਰ ਰਹੇ ਹਨ, ਜਿਸ ਨੂੰ ਅੱਜ ਪੰਜਾਬ ਕੈਬਿਨੇਟ ਵਿੱਚ ਪੇਸ਼ ਕੀਤਾ ਜਾਣਾ ਹੈ।
ਸੁਨੀਲ ਜਾਖੜ ਨੇ ਕਿਹਾ, ‘‘ਹੋ ਸਕਦਾ ਹੈ ਕਿ ਮਨੀਸ਼ ਸਿਸੋਦੀਆ ਦੀ ਚੰਡੀਗੜ੍ਹ ਵਿੱਚ ਮੌਜੂਦਗੀ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਾਤਾਂ ਦੀ ਨੀਂਦ ਉਡ ਗਈ ਹੋਵੇ ਅਤੇ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਵਧ ਗਿਆ ਹੋਵੇ।’’ ਉਨ੍ਹਾਂ ਨੇ ਤਨਜ਼ ਕਸਦੇ ਹੋਏ ਕਿਹਾ, ‘‘ਸਿਸੋਦੀਆ ਹੀ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਤਿਆਰ ਕਰ ਰਹੇ ਹਨ, ਜੋ ਅੱਜ ਪੰਜਾਬ ਕੈਬਿਨੇਟ ਦੇ ਸਾਹਮਣੇ ਰੱਖੀ ਜਾਵੇਗੀ।’’ ਇਸ ਦੇ ਨਾਲ ਹੀ ਜਾਖੜ ਨੇ ਪੰਜਾਬ ਦੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਵੀ ਚੇਤਾਵਨੀ ਦਿੰਦਿਆਂ ਕਿਹਾ ਕਿ ਚੀਮਾ ਸਾਹਿਬ, ਖ਼ਬਰਦਾਰ ਰਹੋ, ਕਿਤੇ ਤੁਹਾਡਾ ਹਾਲ ਵੀ ਮਨੀਸ਼ ਸਿਸੋਦੀਆ ਵਰਗਾ ਨਾ ਹੋ ਜਾਵੇ।
ਜ਼ਿਕਰਯੋਗ ਹੈ ਕਿ ਦਿੱਲੀ ਦੀ ਆਬਕਾਰੀ ਨੀਤੀ ਘੋਟਾਲੇ ਵਿੱਚ ਫਸੇ ਮਨੀਸ਼ ਸਿਸੋਦੀਆ ਜੇਲ੍ਹ ਜਾ ਚੁੱਕੇ ਹਨ ਅਤੇ ਉਨ੍ਹਾਂ ’ਤੇ ਗੰਭੀਰ ਦੋਸ਼ ਲੱਗੇ ਹਨ। ਹੁਣ ਭਾਜਪਾ ਨੇਤਾ ਸੁਨੀਲ ਜਾਖੜ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਮੁੜ ਚਰਚਾ ਵਿਚ ਆ ਗਈ ਹੈ। ਭਾਜਪਾ ਨੇ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਦਿੱਲੀ ਮਾਡਲ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਭ੍ਰਿਸ਼ਟਾਚਾਰ ਨਾਲ ਜੁੜਿਆ ਹੋਇਆ ਹੈ।