ਛੇ ਕੈਡੇਟਾਂ ਨੇ ਐੱਨ ਡੀ ਏ ਤੋਂ ਗ੍ਰੈਜੂਏਸ਼ਨ ਕੀਤੀ
ਕਰਮਜੀਤ ਸਿੰਘ ਚਿੱਲਾ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਦੇ ਛੇ ਕੈਡੇਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐੱਨ ਡੀ ਏ) ਖੜਕਵਾਸਲਾ, ਪੁਣੇ ਤੋਂ ਗ੍ਰੈਜੂਏਸ਼ਨ ਮੁਕੰਮਲ ਕੀਤੀ ਹੈ। ਚੀਫ ਆਫ ਨੇਵਲ ਸਟਾਫ ਐਡਮਿਰਲ ਦਿਨੇਸ਼ ਕੇ ਤ੍ਰਿਪਾਠੀ ਨੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ। ਤਿੰਨ ਸਾਲਾਂ ਦੀ ਸਖ਼ਤ ਸਿਖਲਾਈ ਤੋਂ ਬਾਅਦ ਛੇ ਕੈਡੇਟਾਂ ਗੁਰਕਰਨ ਸਿੰਘ (ਮੁਹਾਲੀ), ਹਰਮਨਵੀਰ ਸਿੰਘ (ਸ੍ਰੀ ਮੁਕਤਸਰ ਸਾਹਿਬ), ਅਰਜੁਨ ਸਿੰਘ ਤੂਰ (ਲੁਧਿਆਣਾ), ਰਿਦਮ ਮਹਾਜਨ (ਪਠਾਨਕੋਟ), ਅਕਸ਼ਾਂਸ਼ ਅਗਰਵਾਲ (ਸ੍ਰੀ ਫਤਿਹਗੜ੍ਹ ਸਾਹਿਬ) ਅਤੇ ਗੁਰਜੋਤ ਸਿੰਘ (ਸੰਗਰੂਰ) ਹੁਣ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜਾਣਗੇ, ਜਿੱਥੋਂ ਇੱਕ ਸਾਲ ਵਿੱਚ ਉਨ੍ਹਾਂ ਦੇ ਕਮਿਸ਼ਨਡ ਅਫ਼ਸਰ ਬਣਨ ਦਾ ਰਾਹ ਪੱਧਰਾ ਹੋਵੇਗਾ। ਜ਼ਿਕਰਯੋਗ ਹੈ ਕਿ ਇਨ੍ਹਾਂ ਕੈਡੇਟਾਂ ਨੇ ਕੋਵਿਡ-19 ਮਹਾਮਾਰੀ ਦੌਰਾਨ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਸਿਖਲਾਈ ਪ੍ਰਾਪਤ ਕੀਤੀ ਸੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੈਡੇਟਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਅਤੇ ਸੂਬੇ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਮੇਜਰ ਜਨਰਲ ਅਜੈ ਐੱਚ ਚੌਹਾਨ, ਵੀ ਐੱਸ ਐੱਮ (ਸੇਵਾਮੁਕਤ) ਨੇ ਕਿਹਾ ਕਿ 15 ਕੈਡੇਟ ਦਸੰਬਰ 2025 ਵਿੱਚ ਸ਼ੁਰੂ ਹੋਣ ਵਾਲੇ ਕੋਰਸਾਂ ਲਈ ਐੱਨ ਡੀ ਏ ਅਤੇ ਹੋਰ ਸਿਖਲਾਈ ਅਕੈਡਮੀਆਂ ਵਿੱਚ ਸ਼ਾਮਲ ਹੋਣ ਲਈ ਸੱਦਾ ਪੱਤਰਾਂ ਦੀ ਉਡੀਕ ਕਰ ਰਹੇ ਹਨ ਅਤੇ 47 ਕੈਡੇਟ ਜਲਦੀ ਆਪਣਾ ਸਰਵਿਸ ਸਿਲੈਕਸ਼ਨ ਬੋਰਡ (ਐੱਸ ਐੱਸ ਬੀ) ਇੰਟਰਵਿਊ ਦੇਣਗੇ।
