ਜਸਵੰਤ ਜੱਸ
ਫ਼ਰੀਦਕੋਟ, 7 ਅਗਸਤ
ਸਥਾਨਕ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕੇਂਦਰੀ ਮਾਡਰਨ ਜੇਲ੍ਹ ਦੇ ਡਿਪਟੀ ਸੁਪਰਡੈਂਟ ਵਿਨੈ ਟਾਂਕ ਦੇ ਘਰੋਂ ਛੇ ਲੱਖ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਲ੍ਹਾ ਪੁਲੀਸ ਮੁਖੀ ਰਾਜਪਾਲ ਸਿੰਘ ਸੰਧੂ ਨੇ ਕਿਹਾ ਕਿ ਇਸ ਤੋਂ ਇਲਾਵਾ ਡਿਪਟੀ ਜੇਲ੍ਹ ਸੁਪਰਡੈਂਟ ਦੀ ਕਾਰ ਵਿੱਚੋਂ 70 ਹਜ਼ਾਰ ਰੁਪਏ ਨਗਦ ਅਤੇ ਤਿੰਨ ਨਵੇਂ ਮੋਬਾਈਲ ਫੋਨ ਮਿਲੇ ਹਨ। ਇੱਕ ਦਿਨ ਪਹਿਲਾਂ ਡਿਪਟੀ ਜੇਲ੍ਹ ਸੁਪਰਡੈਂਟ ਨੂੰ 70 ਗ੍ਰਾਮ ਸਮੈਕ ਜੇਲ੍ਹ ਵਿੱਚ ਕੈਦੀਆਂ ਨੂੰ ਦੇਣ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰ ਕੀਤੇ ਗਏ ਅਧਿਕਾਰੀ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਇਸ ਅਧਿਕਾਰੀ ਨੂੰ ਦੋ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜਣ ਦਾ ਹੁਕਮ ਦਿੱਤਾ ਹੈ। ਪੁਲੀਸ ਮੁਖੀ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਪੜਤਾਲ ਕਰ ਰਹੇ ਹਨ ਕਿ ਡਿਪਟੀ ਜੇਲ੍ਹ ਸੁਪਰਡੈਂਟ ਨੂੰ ਹੈਰੋਇਨ ਕਿੱਥੋਂ ਮਿਲਦੀ ਸੀ ਅਤੇ ਉਹ ਅੱਗੇ ਕਿਹੜੇ ਕੈਦੀਆਂ ਨੂੰ ਇਹ ਸਪਲਾਈ ਕਰਦਾ ਸੀ। ਇਸੇ ਦਰਮਿਆਨ ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਕਿਹਾ ਹੈ ਕਿ ਜੇਲ੍ਹ ਅਧਿਕਾਰੀ ਤੋਂ ਨਸ਼ਾ ਬਰਾਮਦ ਕਰਨ ਵਾਲੇ ਜੇਲ੍ਹ ਵਾਰਡਨਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਆ ਜਾਵੇਗਾ। ਦੱਸਣਯੋਗ ਹੈ ਕਿ ਜਦੋਂ ਜੇਲ੍ਹ ਦੇ ਵਾਰਡਨ ਨੇ ਇਸ ਅਧਿਕਾਰੀ ਦੀ ਤਲਾਸ਼ੀ ਲੈਣ ਦੀ ਕੋਸ਼ਿਸ਼ ਕੀਤੀ ਤਾਂ ਉਹ ਮੌਕੇ ਤੋਂ ਭੱਜ ਗਿਆ ਅਤੇ ਵਾਰਡਨ ਨਾਲ ਧੱਕਾ-ਮੁੱਕੀ ਵੀ ਕੀਤੀ। ਪੁਲੀਸ ਨੇ ਜੇਲ੍ਹ ਅਧਿਕਾਰੀਆਂ ਖ਼ਿਲਾਫ਼ ਕੁੱਟਮਾਰ ਦੇ ਦੋਸ਼ਾਂ ਤਹਿਤ ਵੀ ਪਰਚਾ ਦਰਜ ਕੀਤਾ ਹੈ।